ਕੰਮ ਪੂਰਾ ਹੋਣ ਤੋਂ ਪਹਿਲਾਂ ਵੀਡੀਓ ਬਣਾਉਣਾ ਗਲਤ’, ਹਰਭਜਨ ਸਿੰਘ ਈਟੀਓ ਦਾ ਅਕਾਲੀ ਆਗੂਆਂ ’ਤੇ ਤਿੱਖਾ ਹਮਲਾ
ਬਠਿੰਡਾ, 23 ਅਗਸਤ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਲਿੰਕ ਸੜਕ ਸਬੰਧੀ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਵੀਡੀਓ ਅਤੇ ਪੋਸਟ ’ਤੇ ਤਿੱਖਾ ਪ੍
ਮੰਤਰੀ ਹਰਭਜਨ ਸਿੰਘ ਈਟੀਓ


ਬਠਿੰਡਾ, 23 ਅਗਸਤ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਲਿੰਕ ਸੜਕ ਸਬੰਧੀ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਵੀਡੀਓ ਅਤੇ ਪੋਸਟ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਅਧੂਰੇ ਨਿਰਮਾਣ ਕਾਰਜ ਦੀ ਵੀਡੀਓ ਨੂੰ ਸਿਆਸੀ ਰੰਗ ਦੇ ਕੇ ਸਰਕਾਰ ਦੇ ਵਿਕਾਸ ਕੰਮਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪੱਧਰ ’ਤੇ ਸੜਕੀ ਨੈੱਟਵਰਕ ਨੂੰ ਵਿਕਸਤ ਕਰਨ ਦਾ ਕੰਮ ਪੰਜਾਬ ਵਿੱਚ ਪਹਿਲਾਂ ਕਦੇ ਨਹੀਂ ਹੋਇਆ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਬਣ ਰਹੀ ਸੜਕ ਕੋਈ ਨਵੀਂ ਸੜਕ ਨਹੀਂ, ਸਗੋਂ ਪਹਿਲਾਂ ਤੋਂ ਮੌਜੂਦ ਸੜਕ ’ਤੇ ਨਵੀਂ ਪੀਸੀ (ਪੇਵਰ ਕੋਰਸ) ਪਾਉਣ ਦਾ ਕੰਮ ਹੈ। ਉਨ੍ਹਾਂ ਮੁਤਾਬਕ 18 ਅਗਸਤ ਨੂੰ ਸੜਕ ’ਤੇ ਪੀਸੀ ਪਾਈ ਗਈ ਸੀ ਅਤੇ ਉਸ ਦਿਨ ਕੰਮ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋਇਆ ਸੀ। ਇਸੇ ਦੌਰਾਨ ਸਾਬਕਾ ਅਕਾਲੀ ਸਰਪੰਚ ਵੱਲੋਂ ਸੜਕ ਨਾਲ ਕਥਿਤ ਛੇੜਛਾੜ ਕਰਕੇ ਵੀਡੀਓ ਬਣਾਈ ਗਈ, ਜਿਸ ਨੂੰ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਪ੍ਰਚਾਰਿਤ ਕੀਤਾ ਗਿਆ।

ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਸੜਕਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਰਿਹਾ। ਨਵੇਂ ਨਿਯਮਾਂ ਤਹਿਤ ਸੜਕ ਦਾ ਕੰਮ ਕਰਨ ਵਾਲੇ ਠੇਕੇਦਾਰ ਦੀ ਪੰਜ ਸਾਲ ਤੱਕ ਮੁਰੰਮਤ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੱਧਰ ’ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਠੇਕੇਦਾਰ ਜਾਂ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਮੰਤਰੀ ਨੇ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੜਕ ਦੀ ਗੁਣਵੱਤਾ ’ਤੇ ਸ਼ੱਕ ਹੈ ਤਾਂ ਉਹ ਮੌਕੇ ’ਤੇ ਆ ਕੇ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਜੇਕਰ ਸੜਕ ਹੱਥ ਨਾਲ ਉਖਾੜੀ ਜਾ ਸਕਦੀ ਹੈ ਤਾਂ ਉਹ ਸਬੰਧਤ ਅਧਿਕਾਰੀ ਜਾਂ ਠੇਕੇਦਾਰ ਖ਼ਿਲਾਫ਼ ਤੁਰੰਤ ਕਾਰਵਾਈ ਕਰਨਗੇ, ਪਰ ਜੇਕਰ ਅਜਿਹਾ ਨਾ ਹੋਇਆ ਤਾਂ ਅਕਾਲੀ ਆਗੂਆਂ ਨੂੰ ਕਥਿਤ ਗਲਤ ਵੀਡੀਓ ਫੈਲਾਉਣ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਪਵੇਗੀ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਸੜਕਾਂ, ਸਕੂਲਾਂ, ਹਸਪਤਾਲਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਿਆਸੀ ਮੁੱਦਾ ਬਣਾਉਣ ਦੀ ਬਜਾਏ ਸਾਰੀਆਂ ਧਿਰਾਂ ਨੂੰ ਲੋਕ ਹਿੱਤ ਵਿੱਚ ਇਨ੍ਹਾਂ ਦਾ ਸਵਾਗਤ ਕਰਨਾ ਚਾਹੀਦਾ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰੀ ਵਿਕਾਸ ਕਾਰਜਾਂ ਵਿੱਚ ਜਾਣਬੁੱਝ ਕੇ ਰੁਕਾਵਟ ਪਾਉਣ ਜਾਂ ਝੂਠੀ ਅਤੇ ਭਰਮਾਊ ਵੀਡੀਓ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਤੱਥਾਂ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande