
ਚੰਡੀਗੜ੍ਹ, 23 ਅਗਸਤ (ਹਿੰ.ਸ.)| ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਚਲਾਈ ਜਾ ਰਹੀ ਹੈ। ਇਸ ਸਕੀਮ ਤਹਿਤ ਸੂਬੇ ਦੀਆਂ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਉਪਰਾਲੇ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੇ ਨਾਲ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਊਣ ਲਈ ਸਹਾਰਾ ਦੇਣਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਜੁਲਾਈ ਮਹੀਨੇ ਤੱਕ ਇਸ ਸਕੀਮ ਅਧੀਨ 518.81 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 7 ਲੱਖ ਤੋਂ ਵੱਧ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈ ਰਹੀਆਂ ਹਨ।ਡਾ. ਬਲਜੀਤ ਕੌਰ ਮੁਤਾਬਕ ਪੰਜਾਬ ਸਰਕਾਰ ਵੱਲੋਂ ਸਕੀਮ ਅਧੀਨ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਰਕਮ ਮਹਿਲਾਵਾਂ ਨੂੰ ਰੋਜ਼ਾਨਾ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਵਿੱਚ ਮਦਦ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਸਕੀਮ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਉਨ੍ਹਾਂ ਮਹਿਲਾਵਾਂ ਲਈ ਸਮਾਜਿਕ ਸਹਾਰਾ ਵੀ ਹੈ ਜੋ ਪਰਿਵਾਰ ਦੇ ਮੁੱਖ ਕਮਾਊ ਮੈਂਬਰ ਦੀ ਮੌਤ ਜਾਂ ਹੋਰ ਹਾਲਾਤਾਂ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ 1,200.97 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਸਰਕਾਰ ਦਾ ਉਦੇਸ਼ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਦਾ ਲਾਭ ਪਹੁੰਚਾਉਣਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਦਾ ਆਰਥਿਕ ਸਸ਼ਕਤੀਕਰਨ ਸਮਾਜ ਦੇ ਟਿਕਾਊ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁਤਾਬਕ ਜਦੋਂ ਮਹਿਲਾਵਾਂ ਆਰਥਿਕ ਤੌਰ 'ਤੇ ਮਜ਼ਬੂਤ ਹੁੰਦੀਆਂ ਹਨ ਤਾਂ ਉਹ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਵੀ ਵਧੇਰੇ ਆਤਮ-ਵਿਸ਼ਵਾਸ ਨਾਲ ਯੋਗਦਾਨ ਪਾ ਸਕਦੀਆਂ ਹਨ।ਮੰਤਰੀ ਨੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਇਸ ਤੋਂ ਇਲਾਵਾ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਵੀ ਯੋਜਨਾ ਲਈ ਯੋਗ ਹਨ। ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸਰਕਾਰ ਵੱਲੋਂ ਯੋਗਤਾ ਦੇ ਮਾਪਦੰਡਾਂ ਅਨੁਸਾਰ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਘੇਰਾ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਸਮੇਂ ਸਿਰ ਸਹਾਇਤਾ ਪਹੁੰਚਾ ਕੇ ਇੱਕ ਸਮਾਵੇਸ਼ੀ, ਸੰਵੇਦਨਸ਼ੀਲ ਅਤੇ ਤਰੱਕੀਸ਼ੀਲ ਪੰਜਾਬ ਦੀ ਸਿਰਜਣਾ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH