
ਸਨੌਰ, 23 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਹੱਸਣਪੁਰ ਕੰਬੋਆਂ ਅਤੇ ਮਲਕਪੁਰ ਕੰਬੋਆਂ ਵਿੱਚ ਐਲਈਡੀ ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਦੇਖੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਦਸਤਾਵੇਜ਼ੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਸ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਦਸਤਾਵੇਜ਼ੀ ਦਿਖਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਤੋਂ ਜਾਣੂ ਹੋ ਸਕੇ।
ਦਸਤਾਵੇਜ਼ੀ ਦੇਖਣ ਤੋਂ ਬਾਅਦ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਗਿਆ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH