
ਪਟਿਆਲਾ, 23 ਅਗਸਤ (ਹਿੰ.ਸ.)| ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਆਸ-ਪਾਸ ਦੇ ਲੋਕਾਂ ਨੂੰ ਬਦਨਾਮ ਕਰਨ ਲਈ ਬੇਬੁਨਿਆਦ ਦੋਸ਼ ਲਗਾਉਣ ਅਤੇ ਸਾਜ਼ਿਸ਼ਾਂ ਰਚਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ, ਇਸ ਲਈ ਉਹ ਨਕਾਰਾਤਮਕ ਰਾਜਨੀਤੀ ਕਰ ਰਹੇ ਹਨ।
ਪੰਨੂ ਨੇ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਰੁਟੀਨ ਮੈਡੀਕਲ ਜਾਂਚ ਲਈ ਜਾਂਦੇ ਹਨ ਜਾਂ ਬਿਮਾਰ ਹੁੰਦੇ ਹਨ ਤਾਂ ਵਿਰੋਧੀ ਆਗੂ ਉਨ੍ਹਾਂ ਦੀ ਸਿਹਤ ਬਾਰੇ ਮਨਘੜਤ ਅਤੇ ਸਨਸਨੀਖੇਜ਼ ਖ਼ਬਰਾਂ ਫੈਲਾਉਂਦੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਨਿਵੇਸ਼ ਅਤੇ ਕਾਰੋਬਾਰ ਲਿਆਉਣ ਲਈ ਮੁੱਖ ਮੰਤਰੀ ਦੇ ਵਿਦੇਸ਼ ਦੌਰਿਆਂ ਦੌਰਾਨ ਵੀ ਅਫਵਾਹਾਂ ਫੈਲਾ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।
ਪੰਨੂ ਨੇ ਦਾਅਵਾ ਕੀਤਾ ਕਿ ਜਦੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਸੂਬੇ ਦੀ ਸਿਰਫ਼ 21 ਫੀਸਦੀ ਖੇਤੀਬਾੜੀ ਜ਼ਮੀਨ ਨੂੰ ਨਹਿਰੀ ਪਾਣੀ ਮਿਲਦਾ ਸੀ, ਜੋ ਹੁਣ ਵਧ ਕੇ ਲਗਭਗ 80 ਫੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਇਸ ਬਾਰੇ ਜਵਾਬ ਦੇਣਾ ਚਾਹੀਦਾ ਹੈ ਕਿ ਪਿਛਲੇ 45 ਸਾਲਾਂ ਦੌਰਾਨ ਪਾਣੀ ਕਿੱਥੇ ਜਾਂਦਾ ਰਿਹਾ ਅਤੇ ਕਿਹੜੇ ਸਮਝੌਤਿਆਂ ਤਹਿਤ ਦੂਜੇ ਸੂਬਿਆਂ ਨੂੰ ਮੁਫ਼ਤ ਦਿੱਤਾ ਗਿਆ।
ਸਿੱਖਿਆ ਅਤੇ ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ। ਮੁਹੱਲਾ ਕਲੀਨਿਕਾਂ ਦੀ ਸਥਾਪਨਾ, ਹਸਪਤਾਲਾਂ ਦਾ ਨਵੀਨੀਕਰਨ, ਮੁਫ਼ਤ ਦਵਾਈਆਂ ਅਤੇ ਟੈਸਟਾਂ ਤੋਂ ਇਲਾਵਾ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਿਹਤ ਸਹੂਲਤ ਸ਼ੁਰੂ ਕੀਤੀ ਗਈ ਹੈ।
ਪੰਨੂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਘਰ ਨੂੰ ਹਰ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇਣ ਦੀ ਵਿਵਸਥਾ ਕੀਤੀ ਗਈ ਹੈ।
ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਅਤੇ ਹੋਰ ਆਗੂਆਂ ਵਿਰੁੱਧ ਲਗਾਏ ਜਾ ਰਹੇ ਦੋਸ਼ਾਂ ’ਤੇ ਪੰਨੂ ਨੇ ਕਿਹਾ ਕਿ ਬਿਨਾਂ ਸਬੂਤ ਕਿਸੇ ’ਤੇ ਗੰਭੀਰ ਦੋਸ਼ ਨਹੀਂ ਲਗਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ ਭੇਜ ਕੇ ਦੋਸ਼ਾਂ ਦੇ ਸਬੂਤ ਮੰਗੇ ਗਏ ਹਨ ਅਤੇ ਦੋਸ਼ ਲਗਾਉਣ ਵਾਲਿਆਂ ਨੂੰ ਹੁਣ ਆਪਣੇ ਦਾਅਵਿਆਂ ਨੂੰ ਸਾਬਤ ਕਰਨਾ ਪਵੇਗਾ।
ਸੁਖਪਾਲ ਸਿੰਘ ਖਹਿਰਾ ’ਤੇ ਨਿਸ਼ਾਨਾ ਸਾਧਦਿਆਂ ਪੰਨੂ ਨੇ ਕਿਹਾ ਕਿ ਉਹ ਹਰ ਰੋਜ਼ ਨਕਾਰਾਤਮਕ ਰਾਜਨੀਤੀ ਕਰਦੇ ਹਨ ਅਤੇ ਲੋਕ ਹੁਣ ਅਜਿਹੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਜਿੰਨੇ ਮਰਜ਼ੀ ਦੋਸ਼ ਲਗਾਉਣ, ਪਰ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਦੇਖ ਅਤੇ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ, ਨਹਿਰੀ ਪਾਣੀ ਦੀ ਸਹੂਲਤ ਅਤੇ ਮਰੀਜ਼ਾਂ ਨੂੰ ਮੁਹੱਲਾ ਕਲੀਨਿਕਾਂ ਤੇ ਹਸਪਤਾਲਾਂ ਵਿੱਚ ਇਲਾਜ ਮਿਲ ਰਿਹਾ ਹੈ। ਪੰਨੂ ਨੇ ਕਿਹਾ ਕਿ ‘ਆਪ’ ਸਰਕਾਰ ਨਕਾਰਾਤਮਕ ਰਾਜਨੀਤੀ ਦੀ ਬਜਾਏ ਵਿਕਾਸ ਦੇ ਕੰਮਾਂ ’ਤੇ ਧਿਆਨ ਕੇਂਦਰਿਤ ਕਰਦੀ ਰਹੇਗੀ ਅਤੇ ਬਿਨਾਂ ਸਬੂਤ ਦੋਸ਼ ਲਗਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਹੱਕ ਰੱਖਦੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH