ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ 72 ਬਿਸਤਰਿਆਂ ਵਾਲਾ ਬਿਰਧ ਆਸ਼ਰਮ ਮੁਹੱਈਆ ਕਰਵਾ ਰਿਹਾ ਮੁਫ਼ਤ ਸਹੂਲਤਾਂ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਅਗਸਤ (ਹਿੰ.ਸ.)| ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਸਨਮਾਨ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 24 ਅਗਸਤ (ਹਿੰ.ਸ.)| ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਸਨਮਾਨ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਤੇ ਸਹਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਈ ਸਰਕਾਰੀ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ। ਇਨ੍ਹਾਂ ਵਿੱਚ ਦੇਖਭਾਲ ਅਤੇ ਸਹਾਇਤਾ ਦੀ ਲੋੜ ਵਾਲੇ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ-ਸਹਿਣ ਦੇ ਨਾਲ-ਨਾਲ ਸਿਹਤ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ।ਮੰਤਰੀ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ 8.21 ਕਰੋੜ ਰੁਪਏ ਦੀ ਲਾਗਤ ਨਾਲ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਤਿਆਰ ਕੀਤਾ ਗਿਆ ਹੈ। ਇਸ ਦਾ ਉਦਘਾਟਨ 9 ਅਪ੍ਰੈਲ 2025 ਨੂੰ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇਸ ਸਮੇਂ ਆਸ਼ਰਮ ਵਿੱਚ 16 ਬਜ਼ੁਰਗ ਰਹਿ ਰਹੇ ਹਨ। ਇੱਥੇ ਰਹਿਣ ਵਾਲੇ ਬਜ਼ੁਰਗਾਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਆਰਾਮਦਾਇਕ ਡਾਰਮਿਟਰੀ, ਪੌਸ਼ਟਿਕ ਭੋਜਨ, ਕੱਪੜੇ, ਸਿਹਤ ਸਹੂਲਤਾਂ, ਲਾਇਬ੍ਰੇਰੀ ਅਤੇ ਬਾਗਬਾਨੀ ਦੀ ਸਹੂਲਤ ਸ਼ਾਮਲ ਹੈ।ਇਸ ਤੋਂ ਇਲਾਵਾ ਬਜ਼ੁਰਗਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਹਫ਼ਤੇ ਵਿੱਚ ਦੋ ਵਾਰ ਯੋਗਾ ਸੈਸ਼ਨ ਅਤੇ ਅੰਦਰੂਨੀ ਮਨੋਰੰਜਨ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਬਜ਼ੁਰਗਾਂ ਨੂੰ ਰਹਿਣ ਲਈ ਥਾਂ ਮੁਹੱਈਆ ਕਰਵਾਉਣਾ ਨਹੀਂ, ਸਗੋਂ ਉਨ੍ਹਾਂ ਲਈ ਅਜਿਹਾ ਮਾਹੌਲ ਬਣਾਉਣਾ ਹੈ ਜਿੱਥੇ ਉਹ ਆਪਣੇ ਆਪ ਨੂੰ ਸਨਮਾਨਿਤ, ਸੁਰੱਖਿਅਤ ਅਤੇ ਸਮਾਜ ਨਾਲ ਜੁੜਿਆ ਮਹਿਸੂਸ ਕਰਨ।ਉਨ੍ਹਾਂ ਕਿਹਾ ਕਿ ਸਰਕਾਰ ਬਜ਼ੁਰਗਾਂ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ ਨੂੰ ਮਾਣ-ਸਨਮਾਨ ਅਤੇ ਆਪਣਾਪਣ ਨਾਲ ਬਤੀਤ ਕਰ ਸਕਣ।ਮੰਤਰੀ ਨੇ ਲੋੜਵੰਦ ਅਤੇ ਬੇਸਹਾਰਾ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਦੇਖਭਾਲ ਜਾਂ ਰਹਿਣ ਲਈ ਸਹਾਇਤਾ ਦੇ ਲੋੜਵੰਦ ਹਨ ਅਤੇ ਨਿਰਧਾਰਤ ਯੋਗਤਾ ਮਾਪਦੰਡ ਪੂਰੇ ਕਰਦੇ ਹਨ, ਉਹ ਆਪਣੇ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਸਰਕਾਰੀ ਬਿਰਧ ਆਸ਼ਰਮਾਂ ਵਿੱਚ ਦਾਖਲਾ ਨਿਰਧਾਰਤ ਯੋਗਤਾ ਅਤੇ ਉਪਲਬਧ ਸਥਾਨਾਂ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਲੋਕਾਂ, ਪੰਚਾਇਤਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਲੋੜਵੰਦ ਬਜ਼ੁਰਗਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸਹਾਇਤਾ ਕਰਨ। ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਵਿੱਚ ਕੋਈ ਵੀ ਬਜ਼ੁਰਗ ਦੇਖਭਾਲ, ਸੁਰੱਖਿਆ ਅਤੇ ਸਨਮਾਨ ਤੋਂ ਵਾਂਝਾ ਨਾ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande