
ਅੰਮ੍ਰਿਤਸਰ, 24 ਅਗਸਤ (ਹਿੰ.ਸ.)| ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਦਾ ਵਿਗਿਆਨਕ ਅਤੇ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਨਾਲ ਕੂੜੇ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੇ ਨਾਲ ਪਿੰਡਾਂ ਦੀ ਸਫ਼ਾਈ ਵਿਵਸਥਾ ਵੀ ਮਜ਼ਬੂਤ ਹੋਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਸਰੋਤ ਪੱਧਰ ’ਤੇ ਹੀ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਲਗਾਤਾਰ ਜਾਗਰੂਕ ਕੀਤਾ ਜਾਵੇ। ਘਰਾਂ ਤੋਂ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਪਿੰਡਾਂ ਵਿੱਚ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਅਤੇ ਵਾਹਨਾਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਸਿਰਫ਼ ਸਰਕਾਰੀ ਯੋਜਨਾ ਵਜੋਂ ਨਹੀਂ, ਸਗੋਂ ਪਿੰਡ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਵਜੋਂ ਲਾਗੂ ਕਰਨ ਦੀ ਲੋੜ ਹੈ। ਇਸ ਲਈ ਪੰਚਾਇਤਾਂ ਅਤੇ ਸਥਾਨਕ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਹਰੇਕ ਪਿੰਡ ਦੀਆਂ ਸਥਾਨਕ ਲੋੜਾਂ ਅਤੇ ਹਾਲਾਤ ਅਨੁਸਾਰ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਿਆਰ ਕਰਕੇ ਲਾਗੂ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਕੂੜਾ ਇਕੱਠਾ ਕਰਨ ਤੋਂ ਲੈ ਕੇ ਉਸ ਦੇ ਸਹੀ ਨਿਪਟਾਰੇ ਤੱਕ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਕਿਹਾ।
ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹਰਸਾ ਛੀਨਾ, ਅਜਨਾਲਾ, ਰਮਦਾਸ, ਰਈਆ, ਚੋਗਾਵਾਂ, ਅਟਾਰੀ, ਵੇਰਕਾ ਅਤੇ ਮਜੀਠਾ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ, ਵਿਭਾਗੀ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਪੰਚਾਇਤ ਸਕੱਤਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH