
ਪਾਤੜਾਂ, 24 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਤਹਿਤ ਪਾਤੜਾਂ ਬਲਾਕ ਦੇ ਪਿੰਡ ਖਾਸਪੁਰ ਅਤੇ ਦੁਤਾਲ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਫਲਸਫ਼ੇ ’ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਫਿਲਮ ਐਲਈਡੀ ਸਕਰੀਨਾਂ ਰਾਹੀਂ ਦਿਖਾਈ ਗਈ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਦੇਖੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਦਸਤਾਵੇਜ਼ੀ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੇ ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ। ਇਸ ਦਾ ਖ਼ਾਸ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਹਾਨ ਵਿਚਾਰਾਂ ਨਾਲ ਜਾਣੂ ਕਰਵਾਉਣਾ ਹੈ।
ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਗਿਆ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਮਨੁੱਖਤਾ, ਬਰਾਬਰੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਤੋਂ ਇਲਾਵਾ ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ। ਪੰਜਾਬ ਸਰਕਾਰ ਦੀ ਇਸ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਵੀ ਇਹ ਵਿਸ਼ੇਸ਼ ਦਸਤਾਵੇਜ਼ੀ ਦਿਖਾਈ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH