
ਚੰਡੀਗੜ੍ਹ, 24 ਅਗਸਤ (ਹਿੰ.ਸ.)| ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਨਵੇਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਚਾਂਸਲਰ ਵੱਲੋਂ ਡਾ. ਰਾਜਿੰਦਰ ਕੁਮਾਰ ਬੰਸਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਰਾਜਪਾਲ ਦੇ ਐਡੀਸ਼ਨਲ ਚੀਫ਼ ਸੈਕਟਰੀ ਵਿਵੇਕ ਪ੍ਰਤਾਪ ਸਿੰਘ (ਆਈਏਐਸ) ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨਿਯੁਕਤੀ ਤੋਂ ਬਾਅਦ ਡਾ. ਰਾਜਿੰਦਰ ਕੁਮਾਰ ਬੰਸਲ ਯੂਨੀਵਰਸਿਟੀ ਦੀ ਅਕਾਦਮਿਕ ਅਤੇ ਪ੍ਰਸ਼ਾਸਨਿਕ ਅਗਵਾਈ ਸੰਭਾਲਣਗੇ। ਇਸੇ ਤਰ੍ਹਾਂ ਪੰਜਾਬ ਦੇ ਰਾਜਪਾਲ ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਦੇ ਚਾਂਸਲਰ ਵੱਲੋਂ ਪ੍ਰੋ. ਅਰਵਿੰਦ ਕੁਮਾਰ ਬੰਸਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸਬੰਧੀ ਵੀ ਐਡੀਸ਼ਨਲ ਚੀਫ਼ ਸੈਕਟਰੀ ਵਿਵੇਕ ਪ੍ਰਤਾਪ ਸਿੰਘ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਦੋਵਾਂ ਯੂਨੀਵਰਸਿਟੀਆਂ ਵਿੱਚ ਨਵੇਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਨਾਲ ਅਕਾਦਮਿਕ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਨਵੀਂ ਅਗਵਾਈ ਮਿਲੇਗੀ। ਨਵੇਂ ਵਾਈਸ ਚਾਂਸਲਰਾਂ ਤੋਂ ਯੂਨੀਵਰਸਿਟੀਆਂ ਵਿੱਚ ਸਿੱਖਿਆ, ਖੋਜ ਅਤੇ ਪ੍ਰਬੰਧਕੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਹੈ। ਇਨ੍ਹਾਂ ਨਿਯੁਕਤੀਆਂ ਨਾਲ ਦੋਵਾਂ ਯੂਨੀਵਰਸਿਟੀਆਂ ਦੇ ਪ੍ਰਸ਼ਾਸਨ ਨੂੰ ਨਵੀਂ ਦਿਸ਼ਾ ਮਿਲਣ ਦੀ ਸੰਭਾਵਨਾ ਹੈ। ਅਧਿਕਾਰਤ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਦੋਵਾਂ ਨਿਯੁਕਤੀਆਂ ਲਾਗੂ ਹੋ ਗਈਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH