
ਫਰੀਦਕੋਟ, 25 ਅਗਸਤ (ਹਿੰ.ਸ.)| ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਦੁਕਾਨਾਂ ਤੋਂ ਮਠਿਆਈਆਂ ਦੇ ਸੈਂਪਲ ਲਏ, ਜਦਕਿ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ।ਡੀਐੱਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਟੀਮ ਨੇ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ ਕੀਤੀ। ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਕਈ ਸੈਂਪਲ ਇਕੱਠੇ ਕੀਤੇ ਗਏ।ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਮਠਿਆਈਆਂ ਖਰਾਬ ਪਾਈਆਂ ਗਈਆਂ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਸ਼ੁੱਧ, ਤਾਜ਼ੀਆਂ ਅਤੇ ਗੁਣਵੱਤਾ ਵਾਲੀਆਂ ਮਠਿਆਈਆਂ ਹੀ ਵੇਚਣ।ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਤੌਰ ’ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੈਂਪਲ ਲੈਣ ਦੇ ਨਾਲ-ਨਾਲ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਚੈਕਿੰਗ ਜਾਰੀ ਰਹੇਗੀ। ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਜਾਂ ਮਿਲਾਵਟੀ ਅਤੇ ਖਰਾਬ ਮਠਿਆਈਆਂ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH