
ਅੰਮ੍ਰਿਤਸਰ, 25 ਅਗਸਤ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦੂਜੇ ਪੜਾਅ ਤਹਿਤ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ, ਬਰਨਾਲਾ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਰਹੀਆਂ।ਰਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨ ਦੌਰਾਨ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਸਿੱਖ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ। ਅਰਦਾਸ ਉਪਰੰਤ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਵਿੱਚ ਸੁਸ਼ੋਭਿਤ ਕੀਤਾ।ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਗੱਲ ਕੀਤੀ ਜਾ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨਾ ਹੈ। ਉਨ੍ਹਾਂ ਸੰਗਤਾਂ ਨੂੰ ਸਰਕਾਰਾਂ ਦੀ ਉਡੀਕ ਕਰਨ ਦੀ ਬਜਾਏ ਨਸ਼ਿਆਂ ਖ਼ਿਲਾਫ਼ ਖੁਦ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਵਿੱਚ ਬੇਅੰਤ ਸਮਰੱਥਾ ਹੈ ਅਤੇ ਮਿਹਨਤ ਤੇ ਸਹੀ ਦਿਸ਼ਾ ਨਾਲ ਨੌਜਵਾਨ ਪੰਜਾਬ ਦਾ ਭਵਿੱਖ ਬਦਲ ਸਕਦੇ ਹਨ।ਗਿਆਨੀ ਗੜਗੱਜ ਨੇ ਕਿਹਾ ਕਿ ਪੰਥ ਨੂੰ ਚੁਣੌਤੀ ਦੇਣ ਵਾਲੀਆਂ ਕਈ ਤਾਕਤਾਂ ਸਰਗਰਮ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਿੱਖ ਸੰਸਥਾਵਾਂ ਬਾਰੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਧਰਮ ਵਿੱਚ ਦਖ਼ਲ ਦੇਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਸਰਕਾਰਾਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹਿੰਦੀਆਂ ਹਨ ਤਾਂ ਧਾਰਮਿਕ ਸੰਸਥਾਵਾਂ ਆਪਣਾ ਫਰਜ਼ ਸਮਝਦਿਆਂ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਥਾਪਿਤ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਜਿਹੀਆਂ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਕਿਹਾ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਮਾੜੀ ਸੰਗਤ ਅਤੇ ਨਸ਼ਿਆਂ ਤੋਂ ਬਚਾਉਣ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਨ ਨਾਲ ਆਉਣ ਵਾਲੀ ਪੀੜ੍ਹੀ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ।ਮੀਰੀ-ਪੀਰੀ ਖ਼ਾਲਸਾ ਮਾਰਚ ਬਰਨਾਲਾ ਤੋਂ ਵੱਖ-ਵੱਖ ਪੜਾਵਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਟਾਹਲੀਆਣਾ ਸਾਹਿਬ, ਰਾਏਕੋਟ ਵਿਖੇ ਪਹੁੰਚੇਗਾ। ਇੱਥੋਂ ਮਾਰਚ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਮੌਕੇ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH