
ਚੰਡੀਗੜ੍ਹ, 25 ਅਗਸਤ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਤੇਜ਼ ਕਰਨ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਦੋਵਾਂ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ 1,090 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚੋਂ 603 ਪੇਂਡੂ ਅਤੇ 487 ਸ਼ਹਿਰੀ ਖੇਤਰਾਂ ਵਿੱਚ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਹੁਣ ਤੱਕ 6.11 ਕਰੋੜ ਓਪੀਡੀ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਜਦਕਿ 1.91 ਕਰੋੜ ਲੋਕ ਪਹਿਲੀ ਵਾਰ ਮੁਫ਼ਤ ਇਲਾਜ ਲਈ ਇਨ੍ਹਾਂ ਕਲੀਨਿਕਾਂ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਹਰ ਕਲੀਨਿਕ ਵਿੱਚ ਰੋਜ਼ਾਨਾ ਔਸਤ 86 ਓਪੀਡੀ ਦੇ ਹਿਸਾਬ ਨਾਲ ਲਗਭਗ 93,000 ਮਰੀਜ਼ ਰੋਜ਼ਾਨਾ ਇਲਾਜ ਕਰਵਾ ਰਹੇ ਹਨ।ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਤੋਂ ਮਿਲ ਰਿਹਾ ਡੇਟਾ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਚਲਿਤ ਬਿਮਾਰੀਆਂ ਨੂੰ ਸਮਝਣ ਅਤੇ ਭਵਿੱਖ ਦੀ ਸਿਹਤ ਨੀਤੀ ਤਿਆਰ ਕਰਨ ਵਿੱਚ ਵੀ ਮਦਦਗਾਰ ਸਾਬਤ ਹੋ ਰਿਹਾ ਹੈ। ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਵਿੱਚ 53.7 ਫੀਸਦੀ ਔਰਤਾਂ ਅਤੇ 46.3 ਫੀਸਦੀ ਪੁਰਸ਼ ਹਨ। ਉਨ੍ਹਾਂ ਦੱਸਿਆ ਕਿ ਕਲੀਨਿਕਾਂ ਵਿੱਚ 107 ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 50 ਲੱਖ ਤੋਂ ਵੱਧ ਪਰਿਵਾਰਾਂ ਦੇ 1.25 ਕਰੋੜ ਲਾਭਪਾਤਰੀ ਇਸ ਯੋਜਨਾ ਦੇ ਦਾਇਰੇ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ 5.90 ਲੱਖ ਤੋਂ ਵੱਧ ਲਾਭਪਾਤਰੀ 892 ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਇਨ੍ਹਾਂ ਵਿੱਚ 223 ਸਰਕਾਰੀ ਅਤੇ 669 ਨਿੱਜੀ ਹਸਪਤਾਲ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਯੋਜਨਾ ਦੇ ਲਾਭਪਾਤਰੀਆਂ ਵਿੱਚ 68 ਫੀਸਦੀ ਪੇਂਡੂ ਅਤੇ 32 ਫੀਸਦੀ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਕਈ ਹੋਰ ਨਿੱਜੀ ਹਸਪਤਾਲ ਵੀ ਇਸ ਯੋਜਨਾ ਨਾਲ ਜੁੜਨ ਲਈ ਅਰਜ਼ੀਆਂ ਦੇ ਰਹੇ ਹਨ।ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਦੋਵਾਂ ਯੋਜਨਾਵਾਂ ਸਬੰਧੀ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਯੋਜਨਾਵਾਂ ਨਾਲ ਜੁੜੇ ਭਾਈਵਾਲਾਂ ਅਤੇ ਲਾਭਪਾਤਰੀਆਂ ਨਾਲ ਸਿੱਧੀ ਗੱਲਬਾਤ ਲਈ ਵਿਆਪਕ ਮੁਹਿੰਮ ਸ਼ੁਰੂ ਕਰਨਗੇ। ਇਸ ਨਾਲ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਮਦਦ ਮਿਲੇਗੀ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH