
ਚੰਡੀਗੜ੍ਹ, 25 ਅਗਸਤ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਲਈ ਵੱਡਾ ਫੈਸਲਾ ਲੈਂਦਿਆਂ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਵਿਸ਼ੇਸ਼ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਹ ਭੱਤਾ ਇੱਕ ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਟੀਕਾਕਰਨ ਸੈਸ਼ਨਾਂ ਲਈ ਦਿੱਤਾ ਜਾਵੇਗਾ। ਇਸ ਨਾਲ ਯੋਗ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮਾਮਲਿਆਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪ੍ਰੋਤਸਾਹਨ ਭੱਤਾ ਯਕੀਨੀ ਬਣਾਉਣ ਲਈ ਕਿਹਾ।ਵਿੱਤ ਮੰਤਰੀ ਨੇ ਵਿਭਾਗ ਨੂੰ ਯੂਨੀਅਨ ਵੱਲੋਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਉਠਾਏ ਗਏ ਮਾਮਲੇ ਨੂੰ ਸਮੀਖਿਆ ਲਈ ਸਬੰਧਤ ਕਮੇਟੀ ਕੋਲ ਭੇਜਣ ਦੇ ਵੀ ਨਿਰਦੇਸ਼ ਦਿੱਤੇ। ਯੂਨੀਅਨ ਦੇ ਨੁਮਾਇੰਦਿਆਂ ਨੇ ਪ੍ਰੋਤਸਾਹਨ ਭੱਤੇ ਤੋਂ ਇਲਾਵਾ ਵਰਦੀ ਭੱਤਾ ਅਤੇ ਟੂਰ ਭੱਤਾ ਸ਼ੁਰੂ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ।ਇਸ ਦੌਰਾਨ ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਜੰਗਲਾਤ ਵਿਭਾਗ ਨੂੰ ਪ੍ਰਸੋਨਲ ਵਿਭਾਗ ਨਾਲ ਤਾਲਮੇਲ ਕਰਕੇ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਪੱਲੇਦਾਰ ਯੂਨੀਅਨ ਵੱਲੋਂ ਉਠਾਏ ਗਏ ਮਸਲਿਆਂ ਦੇ ਸੁਖਾਵੇਂ ਹੱਲ ਲਈ ਕਾਰਵਾਈ ਕਰਨ ਲਈ ਕਿਹਾ ਗਿਆ।ਇੱਕ ਹੋਰ ਮੀਟਿੰਗ ਵਿੱਚ ਬਿਜਲੀ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਵਿੱਤ ਮੰਤਰੀ ਸਾਹਮਣੇ ਰੱਖੀਆਂ। ਇਨ੍ਹਾਂ ਵਿੱਚ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ, ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ, ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ ਅਤੇ ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਸ਼ਾਮਲ ਸਨ।ਯੂਨੀਅਨਾਂ ਨੇ ਬਾਕੀ ਰਹਿੰਦੀਆਂ ਮੁਲਾਜ਼ਮ ਸ਼੍ਰੇਣੀਆਂ ਨੂੰ ਰੈਗੂਲਰਾਈਜ਼ੇਸ਼ਨ ਨੀਤੀ ਦੇ ਘੇਰੇ ਵਿੱਚ ਲਿਆਉਣ, ਤਨਖਾਹਾਂ ਵਿੱਚ ਸਮੇਂ ਸਿਰ ਵਾਧਾ ਕਰਨ ਅਤੇ ਕੰਮ ਦੌਰਾਨ ਹਾਦਸੇ ਜਾਂ ਜਾਨੀ ਨੁਕਸਾਨ ਦੀ ਸੂਰਤ ਵਿੱਚ ਢੁਕਵੇਂ ਮੁਆਵਜ਼ੇ ਤੇ ਸਮਾਜਿਕ ਸੁਰੱਖਿਆ ਦੀ ਮੰਗ ਕੀਤੀ। ਚੀਮਾ ਨੇ ਵਫ਼ਦਾਂ ਦੀਆਂ ਚਿੰਤਾਵਾਂ ਸੁਣਦਿਆਂ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਮੰਗਾਂ ਦੀ ਹਮਦਰਦੀ ਨਾਲ ਸਮੀਖਿਆ ਕਰ ਰਹੀ ਹੈ ਅਤੇ ਜਲਦ ਉਚਿਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰ ਸੌਂਪੇ ਅਤੇ ਸਰਕਾਰ ਅੱਗੇ ਲੰਬਿਤ ਮਸਲਿਆਂ ਦੇ ਹੱਲ ਦੀ ਮੰਗ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH