
ਚੰਡੀਗੜ੍ਹ, 25 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਇਲਾਜ ਅਤੇ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਾਰਮ-ਰਿਡਕਸ਼ਨ ਸੇਵਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਸੂਬੇ ਵਿੱਚ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ ਕੇਂਦਰ ਚਲਾਏ ਜਾ ਰਹੇ ਹਨ, ਜਦਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਅਧੀਨ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ ਕੇਂਦਰ ਵੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਸ਼ੀਲ ਪਹੁੰਚ ਅਪਣਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਲਾਜ ਦੇ ਨਾਲ-ਨਾਲ ਨਸ਼ਾ ਛੱਡਣ ਵਾਲੇ ਲੋਕਾਂ ਨੂੰ ਸਨਮਾਨਜਨਕ ਢੰਗ ਨਾਲ ਮੁੜ ਸਮਾਜ ਵਿੱਚ ਸਥਾਪਿਤ ਕਰਨ ਲਈ ਲੋੜੀਂਦੇ ਹੁਨਰ ਅਤੇ ਸਹਾਇਤਾ ਦੇਣਾ ਸਰਕਾਰ ਦੀ ਤਰਜੀਹ ਹੈ।ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਸਰਕਾਰੀ ਮਨੋਚਿਕਿਤਸਕ ਵੱਲੋਂ ਜਾਰੀ ਨੁਸਖ਼ੇ ਅਨੁਸਾਰ ਦਵਾਈ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾਂਦੀ ਹੈ। ਇਲਾਜ ਵਿੱਚ ਮੁੱਖ ਤੌਰ ’ਤੇ ਬਿਊਪ੍ਰੇਨੋਰਫਿਨ ਜਾਂ ਬਿਊਪ੍ਰੇਨੋਰਫਿਨ-ਨੈਲੋਕਸੋਨ ਦਾ ਸੁਮੇਲ ਵਰਤਿਆ ਜਾਂਦਾ ਹੈ। ਮਰੀਜ਼ ਨਿਰਧਾਰਤ ਖੁਰਾਕ ਲੈਣ ਲਈ ਕੇਂਦਰਾਂ ’ਤੇ ਆਉਂਦੇ ਹਨ, ਜਦਕਿ ਮਾਪਦੰਡ ਪੂਰੇ ਕਰਨ ਵਾਲੇ ਮਰੀਜ਼ਾਂ ਨੂੰ ਕੁਝ ਦਿਨਾਂ ਦੀ ਦਵਾਈ ਘਰ ਲਿਜਾਣ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ।ਏਮਜ਼ ਦਿੱਲੀ ਦੇ ਨੈਸ਼ਨਲ ਡਰੱਗ ਡਿਪੈਂਡੈਂਸ ਟ੍ਰੀਟਮੈਂਟ ਸੈਂਟਰ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਮੁਤਾਬਕ ਓਐਸਟੀ ਜਾਂ ਓਪਿਓਇਡ ਐਗੋਨਿਸਟ ਟ੍ਰੀਟਮੈਂਟ ਨੂੰ ਓਪਿਓਇਡ ਨਿਰਭਰਤਾ ਦੇ ਲੰਬੇ ਸਮੇਂ ਦੇ ਇਲਾਜ ਲਈ ਪ੍ਰਭਾਵਸ਼ਾਲੀ ਵਿਕਲਪ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਲਾਜ ਦੌਰਾਨ ਦਿੱਤੀ ਜਾਣ ਵਾਲੀ ਦਵਾਈ ਨੂੰ ਸਿਰਫ਼ ‘ਇੱਕ ਨਸ਼ੇ ਦੀ ਥਾਂ ਦੂਜਾ ਨਸ਼ਾ’ ਸਮਝਣਾ ਸਹੀ ਨਹੀਂ ਹੈ।ਪੰਜਾਬ ਸਰਕਾਰ ਨੇ ਬਿਊਪ੍ਰੇਨੋਰਫਿਨ ਦੇ ਵਿਕਲਪ ਵਜੋਂ ਤਰਲ ਮੈਥਾਡੋਨ ਰਾਹੀਂ ਓਰਲ ਸਬਸਟੀਟਿਊਸ਼ਨ ਥੈਰੇਪੀ ਦਾ ਵੀ ਵਿਸਥਾਰ ਕੀਤਾ ਹੈ। ਇਸ ਸਮੇਂ ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਛੇ ਸਮਰਪਿਤ ਮੈਥਾਡੋਨ ਕਲੀਨਿਕ ਚੱਲ ਰਹੇ ਹਨ। ਸਰਕਾਰ ਵੱਲੋਂ ਛੇ ਹੋਰ ਮੈਥਾਡੋਨ ਮੇਨਟੇਨੈਂਸ ਟ੍ਰੀਟਮੈਂਟ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਸੂਬੇ ਵਿੱਚ ਅਜਿਹੇ ਕੇਂਦਰਾਂ ਦੀ ਗਿਣਤੀ 12 ਹੋ ਜਾਵੇਗੀ।ਹਾਰਮ-ਰਿਡਕਸ਼ਨ ਸੇਵਾਵਾਂ ਤਹਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਐਚਆਈਵੀ, ਹੈਪੇਟਾਈਟਸ ਅਤੇ ਹੋਰ ਖੂਨ ਰਾਹੀਂ ਫੈਲਣ ਵਾਲੀਆਂ ਲਾਗਾਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਸਿਹਤ ਟੀਮਾਂ ਟੀਕੇ ਰਾਹੀਂ ਨਸ਼ੇ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਸੁਰੱਖਿਅਤ ਤਰੀਕਿਆਂ ਬਾਰੇ ਜਾਣਕਾਰੀ ਦਿੰਦੀਆਂ ਹਨ ਅਤੇ ਵਰਤੀ ਹੋਈ ਸਰਿੰਜ ਦੁਬਾਰਾ ਨਾ ਵਰਤਣ ਲਈ ਪ੍ਰੇਰਿਤ ਕਰਦੀਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਡਬਲਿਉਐਚਓ ਅਤੇ ਨਾਕੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਥਾਡੋਨ ਮੇਨਟੇਨੈਂਸ ਥੈਰੇਪੀ ਓਪਿਓਇਡ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ ਪ੍ਰਭਾਵਸ਼ਾਲੀ ਇਲਾਜ ਵਿਕਲਪ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਵਿਆਪਕ ਪਹੁੰਚ ਮਰੀਜ਼ਾਂ ਨੂੰ ਇਲਾਜ ਦੇ ਨਾਲ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਮੁੜ ਸਫ਼ਲਤਾਪੂਰਵਕ ਸ਼ਾਮਲ ਹੋਣ ਵਿੱਚ ਮਦਦ ਕਰੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH