
ਅੰਮ੍ਰਿਤਸਰ, 26 ਅਗਸਤ (ਹਿੰ.ਸ.)| ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦੇ ਪਹਿਲੇ ਪੜਾਅ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਵਾਲੇ 37 ਬੂਥ ਲੈਵਲ ਅਫਸਰਾਂ (ਬੀ.ਐੱਲ.ਓਜ਼) ਨੂੰ ਅੱਜ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਲੱਵੀ ਮਿਸ਼ਰਾ ਨੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਅਤੇ ਐੱਸ.ਆਈ.ਆਰ. ਦੇ ਪਹਿਲੇ ਪੜਾਅ ਦੌਰਾਨ ਉਨ੍ਹਾਂ ਵੱਲੋਂ ਨਿਭਾਈ ਗਈ ਸ਼ਲਾਘਾਯੋਗ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਬੀ.ਐੱਲ.ਓਜ਼ ਦੀ ਜ਼ਮੀਨੀ ਪੱਧਰ ’ਤੇ ਨਿਭਾਈ ਗਈ ਜ਼ਿੰਮੇਵਾਰੀ ਬੇਹੱਦ ਮਹੱਤਵਪੂਰਨ ਰਹੀ ਹੈ।ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਦੌਰਾਨ ਬੂਥ ਲੈਵਲ ਅਫਸਰਾਂ ਨੇ ਆਪਣੇ-ਆਪਣੇ ਬੂਥ ਖੇਤਰਾਂ ਵਿੱਚ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਅਤੇ ਐਨਿਊਮੇਰੇਸ਼ਨ ਫਾਰਮਾਂ ਨਾਲ ਸਬੰਧਤ ਕੰਮ ਸੁਚਾਰੂ ਢੰਗ ਨਾਲ ਪੂਰਾ ਕੀਤਾ। ਬੀ.ਐੱਲ.ਓਜ਼ ਵੱਲੋਂ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ, ਫਾਰਮਾਂ ਨਾਲ ਸਬੰਧਤ ਕਾਰਵਾਈ ਵਿੱਚ ਸਹਾਇਤਾ ਕਰਨ ਅਤੇ ਬੂਥ ਪੱਧਰ ’ਤੇ ਚੋਣਾਂ ਨਾਲ ਜੁੜੀਆਂ ਲੋਕਾਂ ਦੀਆਂ ਜ਼ਰੂਰਤਾਂ ਦਾ ਹੱਲ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਗਈ।ਪਲੱਵੀ ਮਿਸ਼ਰਾ ਨੇ ਕਿਹਾ ਕਿ ਐੱਸ.ਆਈ.ਆਰ. ਦਾ ਪਹਿਲਾ ਪੜਾਅ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਬੂਥ ਲੈਵਲ ਅਫਸਰ ਚੋਣ ਪ੍ਰਬੰਧਨ ਦੀ ਇੱਕ ਅਹਿਮ ਕੜੀ ਹਨ ਅਤੇ ਵੋਟਰ ਸੂਚੀ ਨੂੰ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ 37 ਬੀ.ਐੱਲ.ਓਜ਼ ਨੂੰ ਸਨਮਾਨਿਤ ਕਰਨਾ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਦੀ ਕਦਰ ਕਰਨ ਦਾ ਪ੍ਰਤੀਕ ਹੈ। ਇਸ ਮੌਕੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਐੱਸ.ਆਈ.ਆਰ. ਦੇ ਅਗਲੇ ਪੜਾਵਾਂ ਵਿੱਚ ਵੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ। ਇਸ ਮੌਕੇ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਕਾਹਲੋਂ ਅਤੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH