
ਘਨੌਰ, 26 ਅਗਸਤ (ਹਿੰ.ਸ.)| ਘਨੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਸਲੇਮਪੁਰ ਸੇਖਾਂ ਦੇ ਕਰੀਬ ਦੋ ਦਰਜਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ‘ਆਪ’ ਨਾਲੋਂ ਨਾਤਾ ਤੋੜ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਹ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਮਰਦਾਂਪੁਰ ਸਰਕਲ ਦੇ ਪ੍ਰਧਾਨ ਗੁਰਜਿੰਦਰ ਸਿੰਘ ਕਬੂਲਪੁਰ ਦੇ ਯਤਨਾਂ ਸਦਕਾ ਹੋਈ। ਸਮਾਗਮ ਦੀ ਪ੍ਰਧਾਨਗੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਕੀਤੀ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਅਕਾਲੀ ਦਲ ਵਿੱਚ ਸਵਾਗਤ ਕੀਤਾ।
ਇਸ ਮੌਕੇ ਗੁਰਜਿੰਦਰ ਸਿੰਘ ਕਬੂਲਪੁਰ ਨੇ ਕਿਹਾ ਕਿ ਅਕਾਲੀ ਦਲ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਦਿਲੋਂ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਨਵੇਂ ਸਾਥੀਆਂ ਦੇ ਤਜਰਬੇ ਦਾ ਪਾਰਟੀ ਨੂੰ ਲਾਭ ਮਿਲੇਗਾ।
ਪਾਰਟੀ ਆਗੂਆਂ ਨੇ ਕਿਹਾ ਕਿ ‘ਆਪ’ ਦੇ ਵਰਕਰਾਂ ਦਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਘਨੌਰ ਹਲਕੇ ਵਿੱਚ ਸੱਤਾਧਾਰੀ ਪਾਰਟੀ ਲਈ ਝਟਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਅਤੇ ‘ਆਪ’ ਵਰਕਰਾਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਨਿਰਾਸ਼ਾ ਵਧ ਰਹੀ ਹੈ, ਜਦਕਿ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਨੀਤੀਆਂ ਪ੍ਰਤੀ ਮੁੜ ਭਰੋਸਾ ਪੈਦਾ ਹੋ ਰਿਹਾ ਹੈ।
ਇਸ ਮੌਕੇ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਘਨੌਰ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH