
ਜਲੰਧਰ, 26 ਅਗਸਤ (ਹਿੰ.ਸ.)| ਜਲੰਧਰ ਦੇ ਸੀ.ਟੀ. ਇੰਸਟੀਚਿਊਟ, ਸ਼ਾਹਪੁਰ ਕੈਂਪਸ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ 28 ਅਤੇ 29 ਅਗਸਤ ਨੂੰ ਕੀਤੀ ਜਾਵੇਗੀ। ਨਾਮੀ ਅਦਾਕਾਰ ਆਸ਼ੂਤੋਸ਼ ਰਾਣਾ ਆਪਣੀ ਟੀਮ ਨਾਲ ਰਾਮਾਇਣ ’ਤੇ ਆਧਾਰਿਤ ਇਸ ਨਾਟਕ ਰਾਹੀਂ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਨੂੰ ਪੇਸ਼ ਕਰਨਗੇ।
ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ‘ਹਮਾਰੇ ਰਾਮ’ ਨਾਟਕ ਰਾਹੀਂ ਸਨਾਤਨ ਧਰਮ ਦੇ ਰੂਹਾਨੀ ਸੰਦੇਸ਼ ਅਤੇ ਭਗਵਾਨ ਰਾਮ ਜੀ ਦੀਆਂ ਕਦਰਾਂ-ਕੀਮਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਸੀ.ਟੀ. ਇੰਸਟੀਚਿਊਟ ਸ਼ਾਹਪੁਰ ਕੈਂਪਸ ਵਿਖੇ 28 ਅਤੇ 29 ਅਗਸਤ ਨੂੰ ਹਰ ਰੋਜ਼ ਦੋ-ਦੋ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਨਾਟਕ ਦਾ ਆਨੰਦ ਲੈਣ ਦੀ ਅਪੀਲ ਕੀਤੀ।
ਮੋਹਿੰਦਰ ਭਗਤ ਅਤੇ ਦੀਪਕ ਬਾਲੀ ਨੇ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਭਾਰਤੀ ਅਧਿਆਤਮਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਨਾਟਕ ਰਾਹੀਂ ਲੋਕਾਂ ਨੂੰ ਭਗਵਾਨ ਰਾਮ ਦੇ ਸਾਦੇ ਜੀਵਨ, ਸ਼ਖ਼ਸੀਅਤ, ਧਾਰਮਿਕਤਾ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਸਮਝਣ ਦਾ ਮੌਕਾ ਮਿਲੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਧਰਮਾਂ ਦੇ ਸੰਤਾਂ-ਮਹਾਂਪੁਰਸ਼ਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਸੂਬੇ ਦੀ ਅਮੀਰ ਅਧਿਆਤਮਕ ਵਿਰਾਸਤ ਦੀ ਸੰਭਾਲ ਲਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਨੂੰ ਮਿਲੇ ਭਰਵੇਂ ਹੁੰਗਾਰੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਵਿਕਾਸ ਲਈ 80 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦਕਿ ਅੰਮ੍ਰਿਤਸਰ ਦੇ ਰਾਮ ਤੀਰਥ ਵਿਖੇ ਮਾਤਾ ਸੀਤਾ ਅਤੇ ਲਵ-ਕੁਸ਼ ਮੰਦਰ ਬਣਾਉਣ ਦੀ ਤਜਵੀਜ਼ ਵੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH