
ਕਪੂਰਥਲਾ, 26 ਅਗਸਤ (ਹਿੰ.ਸ.)| ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਢਿੱਲਵਾਂ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 30 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਮੁਤਾਬਕ ਐੱਸਆਈ ਜਸਦੀਪ ਸਿੰਘ ਆਪਣੀ ਟੀਮ ਸਮੇਤ ਹਾਈਟੈਕ ਨਾਕਾ ਢਿੱਲਵਾਂ ਵਿਖੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਪੁਲਿਸ ਟੀਮ ਨੇ ਸਲੇਟੀ ਰੰਗ ਦੀ ਇੱਕ ਕਾਰ ਨੂੰ ਆਉਂਦੇ ਦੇਖਿਆ। ਪੁਲਿਸ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਚਾਲਕ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ।ਸ਼ੱਕ ਹੋਣ ’ਤੇ ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਰੋਕ ਲਿਆ। ਕਾਰ ਵਿੱਚ ਸਵਾਰ ਵਿਅਕਤੀਆਂ ਤੋਂ ਪੁੱਛਗਿੱਛ ਕਰਨ ’ਤੇ ਉਨ੍ਹਾਂ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ ਵਾਸੀ ਐੱਨਆਰਆਈ ਕਾਲੋਨੀ, ਰਣਜੀਤ ਨਗਰ, ਖਰੜ ਅਤੇ ਜੈਲਦਾਰ ਵਾਸੀ ਮੁੰਡੀ ਖਰੜ, ਸ਼ਸ਼ੀ ਇਨਕਲੇਵ, ਐੱਸਏਐੱਸ ਨਗਰ (ਮੋਹਾਲੀ) ਵਜੋਂ ਹੋਈ।ਪੁਲਿਸ ਵੱਲੋਂ ਦੋਵਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਦੋਵਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।ਥਾਣਾ ਢਿੱਲਵਾਂ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਬਰਾਮਦ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਮਾਮਲੇ ਦੀ ਜਾਂਚ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH