
ਜਲੰਧਰ, 27 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੀ.ਏ.ਪੀ. ਗਰਾਊਂਡ ਫਿਲੌਰ ਵਿਖੇ ਹੋਈ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਕਾਂਸਟੇਬਲਾਂ ਨੂੰ ਪੰਜਾਬ ਪੁਲਿਸ ਦਾ ਹਿੱਸਾ ਬਣਨ ’ਤੇ ਵਧਾਈ ਦਿੱਤੀ ਅਤੇ ਲੋਕਾਂ ਦੀ ਪੂਰੀ ਇਮਾਨਦਾਰੀ, ਸਮਰਪਣ ਅਤੇ ਪੇਸ਼ੇਵਰ ਭਾਵਨਾ ਨਾਲ ਸੇਵਾ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵਿੱਚ 13,092 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ, ਜਦਕਿ ਹੋਰ 3,298 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 70,840 ਨੌਜਵਾਨਾਂ ਨੂੰ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਅਤੇ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਸਾਬਤ ਕੀਤਾ ਹੈ ਕਿ ਸਧਾਰਨ ਪਰਿਵਾਰਾਂ ਦੇ ਬੱਚੇ ਵੀ ਮਿਹਨਤ, ਦ੍ਰਿੜਤਾ ਅਤੇ ਸਹੀ ਮਾਰਗਦਰਸ਼ਨ ਨਾਲ ਵੱਡੇ ਟੀਚੇ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਬਿਹਤਰ ਤਨਖਾਹਾਂ ਦੇਣ ਲਈ ਵਚਨਬੱਧ ਹੈ।
ਪੁਲਿਸ ਫੋਰਸ ਨੂੰ ਮਿਲਣਗੀਆਂ 1,600 ਨਵੀਆਂ ਆਸਾਮੀਆਂ
ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਕਾਡਰ ਵਿੱਚ 1,600 ਨਵੀਆਂ ਆਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1,000 ਸਹਾਇਕ ਸਬ-ਇੰਸਪੈਕਟਰ ਦੀਆਂ ਆਸਾਮੀਆਂ ਸ਼ਾਮਲ ਹਨ। ਇਹ ਆਸਾਮੀਆਂ ਵਿਭਾਗੀ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਿਰਫ਼ ਸੂਬੇ ਦੀ ਨਹੀਂ, ਸਗੋਂ ਦੇਸ਼ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਅਸ਼ਾਂਤੀ ਅਤੇ ਅੱਤਵਾਦ ਦੀਆਂ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਹਮੇਸ਼ਾ ਨਾਕਾਮ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਲਗਭਗ 500 ਦਿਨਾਂ ਵਿੱਚ 70,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਨਵੇਂ ਪੁਲਿਸ ਮੁਲਾਜ਼ਮਾਂ ਨੂੰ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਲਈ ਕਿਹਾ।
ਮੁੱਖ ਮੰਤਰੀ ਨੇ ਪੰਜਾਬ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦਾ ਜ਼ਿਕਰ ਕਰਦਿਆਂ ਕਿਹਾ ਕਿ ਲਗਭਗ 4,200 ਕਿਲੋਮੀਟਰ ਹਾਦਸਾ-ਪ੍ਰਭਾਵਿਤ ਸੜਕਾਂ ’ਤੇ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਜਵਾਨ ਤਾਇਨਾਤ ਹਨ। ਸਰਕਾਰੀ ਰਿਪੋਰਟ ਅਨੁਸਾਰ ਐਸ.ਐਸ.ਐਫ. ਦੀ ਸਥਾਪਨਾ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 52.87 ਫੀਸਦੀ ਦੀ ਕਮੀ ਆਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH