ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 1746 ਪੁਲਿਸ ਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਜਲੰਧਰ, 27 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ 1746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਰੋਜ਼ਗਾਰ’ ਤਹਿਤ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮ
ਪੁਲਿਸ ਜਵਾਨ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਜਲੰਧਰ, 27 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ 1746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਰੋਜ਼ਗਾਰ’ ਤਹਿਤ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਰਤੀਆਂ ‘ਨੋ ਕੈਸ਼, ਨੋ ਫਰਮਾਇਸ਼’ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਉਮੀਦਵਾਰ ਇਹ ਦੱਸ ਦੇਵੇ ਕਿ ਉਸ ਦੇ ਨੰਬਰ ਵੱਧ ਹੋਣ ਦੇ ਬਾਵਜੂਦ ਉਸ ਨੂੰ ਨੌਕਰੀ ਨਹੀਂ ਮਿਲੀ।

ਸੀਐੱਮ ਮਾਨ ਨੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਇੱਕ ਮੁਲਾਜ਼ਮ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਉਸ ਦੇ ਪਿੰਡ ਦੀਆਂ ਦੋ ਲੜਕੀਆਂ ਪੰਜਾਬ ਪੁਲਿਸ ਵਿੱਚ ਭਰਤੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੜਕੀਆਂ ਦੇ ਮਾਪੇ ਦੂਜਿਆਂ ਦੇ ਘਰਾਂ ਵਿੱਚ ਕੰਮ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਦੇਣ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਿਰਫ਼ ਸੂਬੇ ਦੀ ਰਾਖੀ ਹੀ ਨਹੀਂ ਕਰਦੀ, ਸਗੋਂ ਦੇਸ਼ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਪੰਜਾਬ ਪੁਲਿਸ ਬੀਐੱਸਐੱਫ ਦੇ ਨਾਲ ਮਿਲ ਕੇ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਵੀ ਕਹਿੰਦੇ ਹਨ ਕਿ ਪੰਜਾਬ ਪੁਲਿਸ ਸਿਰਫ਼ ਪੰਜਾਬ ਦੀ ਨਹੀਂ, ਸਗੋਂ ਦੇਸ਼ ਦੀ ਵੀ ਪੁਲਿਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 1746 ਪਰਿਵਾਰਾਂ ਦੇ ਘਰਾਂ ਵਿੱਚ ਖੁਸ਼ੀ ਦਾ ਮਾਹੌਲ ਹੋਵੇਗਾ ਅਤੇ ਮਠਿਆਈਆਂ ਵੰਡੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੁਨੀਆ ਦਾ ਪਹਿਲਾ ਸੂਬਾ ਹੈ, ਜਿਸ ਕੋਲ ਆਪਣੀ ਸੜਕ ਸੁਰੱਖਿਆ ਫੋਰਸ ਹੈ। ਉਨ੍ਹਾਂ ਦੱਸਿਆ ਕਿ ਹਰ 30 ਕਿਲੋਮੀਟਰ ’ਤੇ ਸੜਕ ਸੁਰੱਖਿਆ ਫੋਰਸ ਦੀ ਇੱਕ ਗੱਡੀ ਤਾਇਨਾਤ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਸੜਕ ਸੁਰੱਖਿਆ ਫੋਰਸ ਦੀ ਚਰਚਾ ਕੀਨੀਆ ਦੇ ਨੈਰੋਬੀ ਤੱਕ ਹੋ ਚੁੱਕੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਸੰਸਦ ਵਿੱਚ ਸੜਕ ਹਾਦਸਿਆਂ ਦੌਰਾਨ ਜਾਨਾਂ ਬਚਾਉਣ ਲਈ ਪੰਜਾਬ ਦੀ ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰ ਚੁੱਕੇ ਹਨ। ਸੀਐੱਮ ਮਾਨ ਨੇ ਦਾਅਵਾ ਕੀਤਾ ਕਿ ਇਹ ਫੋਰਸ ਸਾਲਾਨਾ ਲਗਭਗ 2700 ਜਾਨਾਂ ਬਚਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਕਰਤਾਰਪੁਰ ਦੇ ਕਾਹਲਵਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਣਗੇ। ਇਸ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਵੀਵੀਆਈਪੀ ਸੁਰੱਖਿਆ, ਆਉਣ-ਜਾਣ ਵਾਲੇ ਰਸਤਿਆਂ, ਐਂਟਰੀ ਅਤੇ ਐਗਜ਼ਿਟ ਪੁਆਇੰਟਾਂ, ਪਾਰਕਿੰਗ, ਪੁਲਿਸ ਤਾਇਨਾਤੀ, ਟ੍ਰੈਫਿਕ ਡਾਇਵਰਸ਼ਨ ਅਤੇ ਐਮਰਜੈਂਸੀ ਰਿਸਪਾਂਸ ਸਿਸਟਮ ਦੀ ਸਮੀਖਿਆ ਕੀਤੀ ਗਈ।

ਅਧਿਕਾਰੀਆਂ ਨੂੰ ਪ੍ਰੋਗਰਾਮ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ, ਪ੍ਰਭਾਵਸ਼ਾਲੀ ਐਕਸੈੱਸ ਕੰਟਰੋਲ, ਸੁਚਾਰੂ ਟ੍ਰੈਫਿਕ ਪ੍ਰਬੰਧਨ ਅਤੇ ਭੀੜ ਨੂੰ ਢੰਗ ਨਾਲ ਸੰਭਾਲਣ ਲਈ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ 70 ਹਜ਼ਾਰ ਤੋਂ ਵੱਧ ਸਮੱਗਲਰਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਨਹੀਂ ਕਹਿੰਦੇ ਕਿ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ, ਪਰ ਹਾਲਾਤ ਹੌਲੀ-ਹੌਲੀ ਸੁਧਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਅਤੇ ਮਕਾਨ ਵੀ ਢਾਹੇ ਗਏ ਹਨ। ਨਵੇਂ ਭਰਤੀ ਹੋਏ ਪੁਲਿਸ ਜਵਾਨਾਂ ਨੂੰ ਸੰਬੋਧਨ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਅੱਜ ਤੋਂ ਉਨ੍ਹਾਂ ਦੀ ਡਿਊਟੀ ਸ਼ੁਰੂ ਹੋ ਰਹੀ ਹੈ ਅਤੇ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ, ਕਿਉਂਕਿ ਲੋਕਾਂ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande