
ਜਲੰਧਰ, 27 ਅਗਸਤ (ਹਿੰ.ਸ.)| ਜਲੰਧਰ ਵਿੱਚ ਮਹਿਲਾ ਕਾਂਗਰਸ ਦੀ ਅਗਵਾਈ ਹੇਠ ਮਹਿੰਗਾਈ ਖ਼ਿਲਾਫ਼ ਰੋਸ ਜਤਾਉਂਦਿਆਂ ‘ਪਿਆਜ਼ਾਂ ਦਾ ਲੰਗਰ’ ਲਗਾਇਆ ਗਿਆ। ਇਸ ਮੌਕੇ ਜਲੰਧਰ ਸੈਂਟਰਲ ਤੋਂ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਵੀ ਮੌਜੂਦ ਰਹੇ। ਕਾਂਗਰਸੀ ਆਗੂਆਂ ਵੱਲੋਂ ਸੜਕ ਕਿਨਾਰੇ ਕਰੇਟਾਂ ਵਿੱਚ ਪਿਆਜ਼ ਰੱਖੇ ਗਏ ਅਤੇ ਉੱਥੋਂ ਲੰਘਣ ਵਾਲੇ ਲੋਕਾਂ ਨੂੰ 2-2 ਅਤੇ 4-4 ਪਿਆਜ਼ ਮੁਫ਼ਤ ਵੰਡੇ ਗਏ।
ਕਾਂਗਰਸ ਆਗੂਆਂ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਲੋਕਾਂ ਅਤੇ ਦਿਹਾੜੀਦਾਰ ਵਰਗ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਚੀਨੀ ਦਾ ਲੰਗਰ ਵੀ ਲਗਾਇਆ ਜਾਵੇਗਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਲੰਡਰ, ਚੀਨੀ ਅਤੇ ਸਬਜ਼ੀਆਂ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਭਾਅ ਵਧ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮਹਿੰਗਾਈ ਨੇ ਗਰੀਬ ਅਤੇ ਮੱਧ ਵਰਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਜਿਸ ਕਾਰਨ ਲੋਕ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਾਰਜਕਾਲ ਨੂੰ ਯਾਦ ਕਰਨ ਲਈ ਮਜਬੂਰ ਹਨ।
ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਾਂਗਰਸ ਆਗੂਆਂ ਨੇ ਦੋਸ਼ ਲਗਾਇਆ ਕਿ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਵਾਅਦੇ ਕੀਤੇ ਗਏ, ਪਰ ਦੂਜੇ ਪਾਸੇ ਚੀਨੀ ਅਤੇ ਸਬਜ਼ੀਆਂ ਦੇ ਭਾਅ ਵਧਣ ਕਾਰਨ ਲੋਕਾਂ ਦੀ ਜੇਬ ’ਤੇ ਵਾਧੂ ਬੋਝ ਪੈ ਰਿਹਾ ਹੈ। ਇਸ ਦੌਰਾਨ ਕਾਂਗਰਸ ਨੇ ਪੰਜਾਬ ਵਿੱਚ ਚੱਲ ਰਹੀ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਵੀ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ 1977 ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿੱਚ ਅਜਿਹੇ ਹਾਲਾਤ ਬਣੇ ਹਨ ਕਿ ਲਗਭਗ ਹਰ ਸਰਕਾਰੀ ਵਿਭਾਗ ਦੇ ਮੁਲਾਜ਼ਮ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਅਤੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਸਰਕਾਰ ਮਾਮਲਿਆਂ ਨੂੰ ਅਦਾਲਤਾਂ ਵਿੱਚ ਉਲਝਾ ਰਹੀ ਹੈ।
ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਜਾਂ ਤਾਂ ਹੜਤਾਲ ਕਰ ਲਓ ਜਾਂ ਮੀਟਿੰਗ’ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਅਤੇ ਵਰਗ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ। ਕਾਂਗਰਸ ਆਗੂਆਂ ਨੇ ਕਿਹਾ ਕਿ ਪਾਰਟੀ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਸਰਕਾਰ ਦੀਆਂ ਨੀਤੀਆਂ ਦਾ ਜਵਾਬ ਆਪਣੇ ਵੋਟ ਦੇ ਅਧਿਕਾਰ ਰਾਹੀਂ ਦੇਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH