1550 ਦਿਨ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਇਨਸਾਫ਼ ਲਈ ਲੜ ਰਹੇ, ਪੰਜਾਬ ਪੁਲਿਸ ’ਤੇ ਚੁੱਕੇ ਸਵਾਲ
ਚੰਡੀਗੜ੍ਹ, 27 ਅਗਸਤ (ਹਿੰ.ਸ.)| ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ 1550 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ ਰਾਹੀਂ ਪੰਜਾਬ ਪੁਲਿਸ ਅਤੇ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਪਾਈ ਪੋਸਟ ਦੀ ਫੋਟੋ।


ਚੰਡੀਗੜ੍ਹ, 27 ਅਗਸਤ (ਹਿੰ.ਸ.)| ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ 1550 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਆਵਾਜ਼ ਉਠਾ ਰਹੇ ਹਨ।

ਉਨ੍ਹਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ ਰਾਹੀਂ ਪੰਜਾਬ ਪੁਲਿਸ ਅਤੇ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਬਲਕੌਰ ਸਿੰਘ ਦਾ ਦੋਸ਼ ਹੈ ਕਿ ਸਿੱਧੂ ਮੂਸੇਵਾਲਾ ਨਾਲ ਜੁੜੇ ਵਿੱਤੀ ਧੋਖਾਧੜੀ ਅਤੇ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਦਾਅਵਾ ਹੈ ਕਿ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਵੱਡੇ ਜਨਤਕ ਸਮਾਗਮਾਂ ਵਿੱਚ ਖੁੱਲ੍ਹੇਆਮ ਘੁੰਮ ਰਹੇ ਹਨ, ਜਦਕਿ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ।

ਬਲਕੌਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਸਿੱਧਾ ਸਵਾਲ ਕੀਤਾ ਕਿ 11 ਫਰਵਰੀ 2026 ਨੂੰ ਦਰਜ ਹੋਈ ਐੱਫਆਈਆਰ ਤੋਂ ਬਾਅਦ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਮੁਲਜ਼ਮ ਪੰਜਾਬ ਤੋਂ ਬਾਹਰ ਹਨ ਤਾਂ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੁਲਰ ਜਾਰੀ ਕਰਕੇ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਗਈ।

ਬਲਕੌਰ ਸਿੰਘ ਨੇ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਕੀ ਮਾਮਲੇ ਦੇ ਮੁਲਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਸਿਆਸੀ ਸਰਪ੍ਰਸਤੀ ਹਾਸਲ ਹੈ।

ਉਨ੍ਹਾਂ ਕਿਹਾ ਕਿ ਇੱਕ ਆਮ ਪਰਿਵਾਰ ਨੂੰ ਆਪਣੇ ਹੱਕਾਂ ਅਤੇ ਆਪਣੇ ਮਰਹੂਮ ਪੁੱਤਰ ਦੀ ਮਿਹਨਤ ਦੀ ਕਮਾਈ ਦੇ ਇਨਸਾਫ਼ ਲਈ ਸੜਕਾਂ ’ਤੇ ਆਉਣ ਅਤੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਸਰਕਾਰ ਤੋਂ ਕੋਈ ਸਿਆਸੀ ਅਹਿਸਾਨ ਨਹੀਂ ਚਾਹੀਦਾ। ਉਨ੍ਹਾਂ ਦੀ ਮੰਗ ਸਿਰਫ਼ ਇਹ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੀ ਮੰਗ ਕੀਤੀ।

ਬਲਕੌਰ ਸਿੰਘ ਨੇ ਆਪਣੇ ਸੰਦੇਸ਼ ਦੇ ਅੰਤ ਵਿੱਚ ਸਿੱਧੂ ਮੂਸੇਵਾਲਾ ਦੇ ਦੇਸ਼-ਵਿਦੇਸ਼ ਵਿੱਚ ਮੌਜੂਦ ਪ੍ਰਸ਼ੰਸਕਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਫੈਨਜ਼ ਨੂੰ ਅਪੀਲ ਕੀਤੀ ਕਿ ਉਹ ਇਸ ਸੰਦੇਸ਼ ਨੂੰ ਵੱਧ ਤੋਂ ਵੱਧ ਸਾਂਝਾ ਕਰਨ ਅਤੇ ਪੰਜਾਬ ਪੁਲਿਸ ਤੇ ਸਬੰਧਤ ਅਧਿਕਾਰੀਆਂ ਨੂੰ ਟੈਗ ਕਰਕੇ ਮਾਮਲੇ ਦੀ ਉਚਿਤ ਜਾਂਚ ਅਤੇ ਇਨਸਾਫ਼ ਦੀ ਮੰਗ ਉਠਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande