
ਚੰਡੀਗੜ੍ਹ, 27 ਅਗਸਤ (ਹਿੰ.ਸ.)| ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕ ਸਤੰਬਰ ਤੋਂ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਸੱਤ ਰੋਜ਼ਾ ਕਿਸਾਨ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਪਿੰਡ ਸਿੱਧਵਾਂ ਕਲਾਂ ਵਿੱਚ ਹੋਈ। ਮੀਟਿੰਗ ਦੀ ਸਾਂਝੀ ਪ੍ਰਧਾਨਗੀ ਕਿਸਾਨ ਆਗੂ ਨੇਕ ਸਿੰਘ ਅਤੇ ਗੁਰਜਿੰਦਰਜੀਤ ਸਿੰਘ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਕੋਠੇ ਪੋਨਾ ਅਤੇ ਨਰਿੰਦਰ ਸਿੰਘ ਨਿੰਦਾ ਨੇ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦੇ ਪਹਿਲੇ ਹੱਕ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਲਾਭ ਗੈਰ-ਵਾਜਬ ਢੰਗ ਨਾਲ ਹੋਰਨਾਂ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ, ਜਦਕਿ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲਾ ਵੱਡਾ ਨੁਕਸਾਨ ਪੰਜਾਬ ਨੂੰ ਹੀ ਝੱਲਣਾ ਪੈਂਦਾ ਹੈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਆਰਥਿਕ ਹਾਲਤ ਅਤੇ ਖੇਤੀਬਾੜੀ ਸੰਕਟ ’ਤੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਵੱਲੋਂ ਪੰਜਾਬ ਦੇ ਪਾਣੀਆਂ ਸਬੰਧੀ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਾਣੀਆਂ ਨਾਲ ਸਬੰਧਤ ਸਾਰੇ ਵਿਵਾਦਾਂ ਦਾ ਨਿਪਟਾਰਾ ਰਿਪੇਰੀਅਨ ਸਿਧਾਂਤ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਭਾਖੜਾ ਡੈਮ ਤੋਂ ਨਿਕਲਣ ਵਾਲਾ ਸਾਫ਼ ਪਾਣੀ ਪੰਜਾਬ ਦੇ ਹਰ ਘਰ ਅਤੇ ਖੇਤ ਤੱਕ ਪਹੁੰਚਾਉਣ, ਡੈਮ ਸੇਫਟੀ ਐਕਟ ਨੂੰ ਪੂਰੀ ਤਰ੍ਹਾਂ ਰੱਦ ਕਰਨ ਅਤੇ ਫ਼ਸਲੀ ਵਿਭਿੰਨਤਾ ਨੂੰ ਜ਼ਮੀਨੀ ਪੱਧਰ ’ਤੇ ਉਤਸ਼ਾਹਿਤ ਕਰਨ ਦੀ ਮੰਗ ਵੀ ਕੀਤੀ ਗਈ।
ਕਿਸਾਨ ਆਗੂਆਂ ਨੇ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਅਤੇ ਸਰਕਾਰੀ ਖਰੀਦ ਦੀ ਕਾਨੂੰਨੀ ਗਾਰੰਟੀ ਦੇਣ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਉਨ੍ਹਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਖੇਤੀਬਾੜੀ ਖੇਤਰ ਲਈ ਨੁਕਸਾਨਦੇਹ ਹੈ। ਯੂਨੀਅਨ ਆਗੂਆਂ ਨੇ ਇਲਾਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਲੱਗਣ ਵਾਲੇ ਸੱਤ ਰੋਜ਼ਾ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਮੀਟਿੰਗ ਵਿੱਚ ਸਥਾਨਕ ਜਨ-ਪ੍ਰਤੀਨਿਧੀਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ। ਇਸ ਮੌਕੇ ਸਰਪੰਚ ਸ਼ਰਨਪ੍ਰੀਤ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਜਨਰਲ ਸਕੱਤਰ ਮਨਪ੍ਰੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ, ਹਰਦੇਵ ਸਿੰਘ ਸੀਐੱਮ, ਰਣਧੀਰ ਸਿੰਘ, ਪਿੰਦਰ ਸਿੰਘ, ਜਸਪਾਲ ਸਿੰਘ, ਜਤਿੰਦਰ ਲਾਲੀ ਮੰਡੀਲਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH