
ਚੰਡੀਗੜ੍ਹ, 27 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਮਿਸ਼ਨ ਕਲੀਨ ਦੇ ਫੇਜ਼-2 ਦੀ ਸ਼ੁਰੂਆਤ 29 ਅਗਸਤ ਤੋਂ ਕੀਤੀ ਜਾਵੇਗੀ। 10 ਦਿਨ ਚੱਲਣ ਵਾਲੀ ਇਸ ਵਿਸ਼ੇਸ਼ ਸਫਾਈ ਮੁਹਿੰਮ ਵਿੱਚ ਸਾਰੇ ਵਿਧਾਇਕਾਂ ਤੋਂ ਇਲਾਵਾ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਨੁਮਾਇੰਦੇ, ਅਧਿਕਾਰੀ ਅਤੇ ਐਨਜੀਓਜ਼ ਸ਼ਾਮਲ ਹੋਣਗੇ।
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਦੀ ਇੱਕ ਅਹਿਮ ਵਿਸ਼ੇਸ਼ਤਾ ਇਹ ਹੋਵੇਗੀ ਕਿ ਆਮ ਲੋਕ ਵੀ ਆਪਣੇ ਇਲਾਕੇ ਵਿੱਚ ਗੰਦਗੀ ਜਾਂ ਕੂੜੇ ਵਾਲੀ ਥਾਂ ਦੀ ਫੋਟੋ ਐਪ ਰਾਹੀਂ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਣਗੇ। ਸ਼ਿਕਾਇਤ ਮਿਲਣ ਤੋਂ ਬਾਅਦ ਸਬੰਧਤ ਥਾਂ ਦੀ ਸਫਾਈ ਕਰਵਾਈ ਜਾਵੇਗੀ ਅਤੇ ਸ਼ਿਕਾਇਤਕਰਤਾ ਨੂੰ ਇਸ ਬਾਰੇ ਜਾਣਕਾਰੀ ਵੀ ਦਿੱਤੀ ਜਾਵੇਗੀ।
ਮੰਤਰੀ ਬੈਂਸ ਨੇ ਕਿਹਾ ਕਿ ਮੁਹਿੰਮ ਦੌਰਾਨ ਉਨ੍ਹਾਂ ਥਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਜਿੱਥੇ ਲੋਕ ਖੁੱਲ੍ਹੇ ਵਿੱਚ ਕੂੜਾ ਸੁੱਟਦੇ ਹਨ। ਇਨ੍ਹਾਂ ਥਾਵਾਂ ਨੂੰ ਗਾਰਬੇਜ ਵਲਨਰੇਬਲ ਪੁਆਇੰਟਸ ਕਿਹਾ ਜਾਂਦਾ ਹੈ। ਇਨ੍ਹਾਂ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਡੀਪ ਕਲੀਨਿੰਗ ਕਰਵਾਈ ਜਾਵੇਗੀ ਤਾਂ ਜੋ ਸਫਾਈ ਵਿਵਸਥਾ ਵਿੱਚ ਸਥਾਈ ਸੁਧਾਰ ਲਿਆਂਦਾ ਜਾ ਸਕੇ।
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਡਿਪਟੀ ਕਮਿਸ਼ਨਰ (ਡੀਸੀ), ਨਗਰ ਨਿਗਮ ਕਮਿਸ਼ਨਰ, ਕਾਰਜਕਾਰੀ ਅਧਿਕਾਰੀ (ਈਓ) ਅਤੇ ਵਿਧਾਇਕ ਮੈਦਾਨ ਵਿੱਚ ਉਤਰ ਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਅਧਿਕਾਰੀਆਂ ਨੂੰ ਮੁਹਿੰਮ ਦੌਰਾਨ ਸਫਾਈ ਕਾਰਜਾਂ ਦੀ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਅਮਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਲੋਕ ਐਮ-ਸੇਵਾ ਐਪ ਰਾਹੀਂ ਗੰਦਗੀ ਜਾਂ ਕੂੜੇ ਵਾਲੀ ਥਾਂ ਦੀ ਤਸਵੀਰ ਭੇਜ ਸਕਣਗੇ। ਸ਼ਿਕਾਇਤ ਦਰਜ ਹੋਣ ਉਪਰੰਤ ਉਸ ਦੀ ਇੱਕ ਆਈਡੀ ਜਨਰੇਟ ਕੀਤੀ ਜਾਵੇਗੀ ਅਤੇ ਸਬੰਧਤ ਵਿਅਕਤੀ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸਬੰਧਤ ਥਾਂ ਦੀ ਸਫਾਈ ਕਰਵਾਈ ਜਾਵੇਗੀ। ਪੰਜਾਬ ਸਰਕਾਰ ਦਾ ਉਦੇਸ਼ ਇਸ ਮੁਹਿੰਮ ਰਾਹੀਂ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਗੰਦਗੀ ਵਾਲੀਆਂ ਥਾਵਾਂ ਨੂੰ ਸਾਫ਼ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH