
ਬਠਿੰਡਾ, 27 ਅਗਸਤ (ਹਿੰ.ਸ.)। ਪੰਜਾਬ ਵਿੱਚ ਮਹਾਂ ਹੜ੍ਹਤਾਲ ਦੇ ਸੱਦੇ ਦੌਰਾਨ ਅੱਜ ਸਾਂਝੀ ਤਾਲਮੇਲ ਕਮੇਟੀ (ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਕਮੇਟੀ, ਬਠਿੰਡਾ) ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੁਰੰਤ ਪੂਰਾ ਕੀਤਾ ਜਾਵੇ।
ਇਸ ਦੌਰਾਨ ਮੰਗ ਕੀਤੀ ਗਈ ਕਿ ਹਰ ਵਿਭਾਗ ਦੇ ਕੱਚੇ, ਠੇਕੇ ਵਾਲੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ/ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਬਹਾਲ ਕੀਤੀ ਜਾਵੇ, ਪੰਜਾਬ-ਹਰਿਆਣਾ ਹਾਈਕੋਰਟ ਦੇ ਫ਼ੈਸਲੇ ਅਨੁਸਾਰ 18 ਫੀਸਦੀ ਡੀ.ਏ. ਦੇਣ ਸੰਬੰਧੀ ਫ਼ੈਸਲਾ ਲਾਗੂ ਹੋਵੇ, ਮਿਡ-ਡੇ ਮੀਲ, ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਦਾ ਕਾਨੂੰਨ ਲਾਗੂ ਕੀਤਾ ਜਾਵੇ, 37 ਤਰ੍ਹਾਂ ਦੇ ਕੱਟੇ ਗਏ ਭੱਤੇ ਤੁਰੰਤ ਬਹਾਲ ਕੀਤੇ ਜਾਣ, ਸਾਰੇ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦਿੱਤਾ ਜਾਵੇ, 6ਵੇਂ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਮੰਗਾਂ ਲਾਗੂ ਕੀਤੀਆਂ ਜਾਣ, ਸਰਕਾਰੀ ਸਕੂਲਾਂ ਦਾ ਨਿੱਜੀਕਰਨ ਬੰਦ ਹੋਵੇ, 20.07.2020 ਦਾ ਪੱਤਰ ਅਤੇ 2020 ਦੀ ਸਿੱਖਿਆ ਨੀਤੀ ਵਾਪਸ ਲਈ ਜਾਵੇ, ਬੇਲੋੜਾ ਕਰਜ਼ਾ ਚੁੱਕ ਕੇ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਤੁਰੰਤ ਬੰਦ ਕੀਤੀ ਜਾਵੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ