
ਚੰਡੀਗੜ੍ਹ, 28 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੱਤਾ ਦੀ ਲਾਲਸਾ ਵਿੱਚ ਅਕਾਲੀ ਦਲ ਕਿਸਾਨਾਂ ਦੀ “ਕਾਤਲ” ਭਾਜਪਾ ਨਾਲ ਮੁੜ ਹੱਥ ਮਿਲਾਉਣ ਲਈ ਤਰਲੋਮੱਛੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ ਅਤੇ ਪੰਜਾਬ ਦੇ ਲੋਕ ਭਾਜਪਾ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰਨਗੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗਠਜੋੜ ਦਾ ਮਕਸਦ ਪੰਜਾਬ ਜਾਂ ਪੰਜਾਬੀਆਂ ਦੀ ਭਲਾਈ ਨਹੀਂ, ਸਗੋਂ ਸੱਤਾ ਹਾਸਲ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਹਮੇਸ਼ਾ ਆਪਣੇ ਸਿਆਸੀ ਹਿੱਤ ਪੰਜਾਬ ਦੇ ਹਿੱਤਾਂ ਨਾਲੋਂ ਵੱਧ ਪਿਆਰੇ ਰਹੇ ਹਨ।
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਲੰਬੇ ਸ਼ਾਸਨ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੇ ਪੈਰ ਪਸਾਰੇ ਅਤੇ ਸੂਬੇ ਨੂੰ ਮਾਫ਼ੀਆ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵੀ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਸਰਕਾਰ ਦੇ ਕਾਰਜਕਾਲ ਨੂੰ ਭੁੱਲੇ ਨਹੀਂ ਹਨ।
ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ 2022 ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫ਼ਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਸੀ ਕਿ ਉਹ ਪੁਰਾਣੀ ਸਿਆਸਤ ਨੂੰ ਨਕਾਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ “ਅਕਾਲੀ ਦਲ ਹੁਣ ਸੱਤਾ ਦੀ ਖਾਤਰ ਭਾਜਪਾ ਨਾਲ ਗਠਜੋੜ ਲਈ ਤਰਲੇ ਮਾਰ ਰਿਹਾ ਹੈ, ਪਰ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਚਾਲਾਂ ਵਿੱਚ ਨਹੀਂ ਆਉਣਗੇ।” ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਇੱਕੋ-ਇੱਕ ਮਕਸਦ ਪੰਜਾਬ ਦਾ ਵਿਕਾਸ ਅਤੇ ਲੋਕਾਂ ਦੀ ਭਲਾਈ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH