
ਸੁਲਤਾਨਪੁਰ ਲੋਧੀ, 28 ਅਗਸਤ (ਹਿੰ.ਸ.)| ਪੰਜਾਬ ਦੀਆਂ ਭਖਦੀਆਂ ਮੰਗਾਂ ਅਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ’ਤੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਿਸਾਨ ਸਭਾ ਵੱਲੋਂ ਵੀ ਇਸ ਸੰਘਰਸ਼ ਵਿੱਚ ਪੂਰੀ ਤਾਕਤ ਨਾਲ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਐਡਵੋਕੇਟ ਰਜਿੰਦਰ ਸਿੰਘ ਰਾਣਾ, ਆਲ ਇੰਡੀਆ ਕਿਸਾਨ ਸਭਾ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਟਿੱਬਾ ਅਤੇ ਜ਼ਿਲ੍ਹਾ ਸਕੱਤਰ ਤਰਲੋਚਨ ਸਿੰਘ ਭਬਿਆਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਲੈਂਡ ਪੂਲਿੰਗ ਸਮੇਤ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਸਰਕਾਰਾਂ ’ਤੇ ਦਬਾਅ ਬਣਾਉਣਾ ਸਮੇਂ ਦੀ ਲੋੜ ਹੈ।
ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਮਝੌਤੇ ਰੱਦ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ’ਤੇ ਸਰਕਾਰਾਂ ਨੂੰ ਗੰਭੀਰਤਾ ਨਾਲ ਫ਼ੈਸਲੇ ਲੈਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਡਾ. ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਦੀਆਂ ਮੰਗਾਂ ’ਤੇ ਵੀ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ 3 ਸਤੰਬਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਜਥੇਬੰਦੀ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਅਤੇ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਤਿਆਰੀਆਂ ਮੁਕੰਮਲ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਜਸਵਿੰਦਰ ਸਿੰਘ ਟਿੱਬਾ, ਨਰਿੰਦਰਜੀਤ ਸਿੰਘ ਠੱਟਾ, ਹਰਜਿੰਦਰ ਸਿੰਘ, ਦਿਆਲ ਸਿੰਘ ਦੀਪੇਵਾਲ, ਬਲਵਿੰਦਰ ਸਿੰਘ ਟਿੱਬਾ, ਰੇਸ਼ਮ ਸਿੰਘ ਬਿਧੀਪੁਰ, ਹਰਬੰਸ ਲਾਲ ਟਿੱਬਾ, ਰਾਜਵੀਰ ਸਿੰਘ, ਜਗਜੀਤ ਸਿੰਘ ਬੱਗਾ ਸਰਪੰਚ ਅਮਰਕੋਟ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH