
ਬਟਾਲਾ, 28 ਅਗਸਤ (ਹਿੰ.ਸ.)| ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਦੇ ਜ਼ਿਲ੍ਹਾ ਇੰਚਾਰਜ ਡਾ. ਅਰਸ਼ਦੀਪ ਸਿੰਘ ਵੱਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੀ ਨਸ਼ਾ ਮੁਕਤੀ ਟੀਮ ਨਾਲ ਪਨੂੰ ਪੈਲਸ, ਨੇੜੇ ਗੁਰਦੁਆਰਾ ਬਾਬਾ ਮੰਝ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਬਲਾਕ ਸੰਮਤੀ ਮੈਂਬਰ ਮੁਖਤਾਰ ਸਿੰਘ ਬੋਜਾ, ਯੂਥ ਆਗੂ ਅੰਮ੍ਰਿਤ ਪਾਲ ਸਿੰਘ ਸੋਹੀ, ਸਰਪੰਚ ਚਰਨਜੀਤ ਸਿੰਘ ਚੌਧਰੀਵਾਲ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਰਹੇ।
ਇਸ ਮੌਕੇ ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੀਆਂ ਹਨ।
ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਲਤ ਨਾਲ ਪੀੜਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਇਲਾਜ ਅਤੇ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਵੀ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਇਆ ਜਾ ਸਕਦਾ ਹੈ। ਡਾ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਲੋਕਾਂ ਵੱਲੋਂ ਵੀ ਇਸ ਮੁਹਿੰਮ ਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH