
ਅੰਮ੍ਰਿਤਸਰ, 28 ਅਗਸਤ (ਹਿੰ.ਸ.)| ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ‘ਆਪ’ ਦੇ ਸਾਬਕਾ ਅੰਮ੍ਰਿਤਸਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਅਤੇ ਪੈਪਸੂ ਰੋਡਵੇਜ਼ ਦੇ ਸਾਬਕਾ ਡਾਇਰੈਕਟਰ ਬਲਜਿੰਦਰ ਸਿੰਘ ਥਾਂਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਰਾਜਾਸਾਂਸੀ ਹਲਕੇ ਦੇ ‘ਆਪ’ ਮੀਡੀਆ ਇੰਚਾਰਜ ਸ਼ਿਵ ਕੁਮਾਰ ਅਤੇ ਝਿਲਮਲ ਸਿੰਘ ਚੰਡੀਹਾੜ੍ਹ ਦੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਗਈ। ਪਾਰਟੀ ਵੱਲੋਂ ਨਵੇਂ ਆਗੂਆਂ ਦਾ ਸਵਾਗਤ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕੀਤਾ।
ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤਾਂ ਨੂੰ ਲੈ ਕੇ ਚਿੰਤਤ ਹਨ ਅਤੇ ਪੰਜਾਬ ਤੇ ਪੰਥ ਦੇ ਹਿੱਤਾਂ ਲਈ ਇੱਕ ਮਜ਼ਬੂਤ ਖੇਤਰੀ ਸਿਆਸੀ ਧਿਰ ਦੀ ਲੋੜ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਹਲਕਿਆਂ ਵਿੱਚੋਂ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜਨ ਲਈ ਸੰਪਰਕ ਕਰ ਰਹੇ ਹਨ।
ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਕਈ ਮੁਸ਼ਕਲ ਦੌਰ ਦੇਖੇ ਹਨ, ਪਰ ਪੰਜਾਬੀਆਂ ਨੇ ਜ਼ੁਲਮ ਅਤੇ ਜਬਰ ਅੱਗੇ ਕਦੇ ਗੋਡੇ ਨਹੀਂ ਟੇਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਨੌਜਵਾਨਾਂ ਅਤੇ ਪੰਥਕ ਮਸਲਿਆਂ ਦੀ ਰਾਖੀ ਲਈ ਇੱਕ ਮਜ਼ਬੂਤ ਸਿਆਸੀ ਵਿਕਲਪ ਦੀ ਲੋੜ ਹੈ। ਉਨ੍ਹਾਂ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੀਆਂ ਚੋਣ ਜਿੱਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਬਦਲਦੇ ਸਿਆਸੀ ਰੁਝਾਨ ਵੱਲ ਇਸ਼ਾਰਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ ਅਤੇ ਇਸ ਲਈ ਪੰਜਾਬ ਵਿੱਚ ਮਜ਼ਬੂਤ ਸਿਆਸੀ ਆਵਾਜ਼ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਦਵਾਨਾਂ, ਵਕੀਲਾਂ ਅਤੇ ਮਾਹਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਵੀਜ਼ਨ ਡਾਕੂਮੈਂਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਸੰਗਤ ਸਾਹਮਣੇ ਰੱਖਿਆ ਜਾਵੇਗਾ।
ਬਲਜਿੰਦਰ ਸਿੰਘ ਥਾਂਦੇ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਕੇ ਪੰਜਾਬ ਦੇ ਲੋਕਾਂ ਨੇ 2022 ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਦਲ ਮੰਨ ਕੇ ਸੱਤਾ ਸੌਂਪੀ ਸੀ। ਉਨ੍ਹਾਂ ਦੱਸਿਆ ਕਿ ਉਹ 2021 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ ਅਤੇ ਬਾਅਦ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਵਿੱਚ ਕੰਮਕਾਜ ਦੌਰਾਨ ਦਿੱਲੀ ਦੀ ਟੀਮ ਦਾ ਦਖ਼ਲ ਬਹੁਤ ਜ਼ਿਆਦਾ ਮਹਿਸੂਸ ਹੋਇਆ ਅਤੇ ਪੰਜਾਬ ਦੇ ਆਗੂਆਂ ਕੋਲ ਕਈ ਮਾਮਲਿਆਂ ਵਿੱਚ ਪੂਰੀ ਤਾਕਤ ਨਹੀਂ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH