ਮੁਲਾਜ਼ਮਾਂ ਨਾਲ ਟਕਰਾਅ ਦੀ ਥਾਂ ਹਮਦਰਦੀ ਨਾਲ ਗੱਲਬਾਤ ਕਰੇ ਸਰਕਾਰ: ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 28 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਡੀਏ ਦੀ ਅਦਾਇਗੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ


ਚੰਡੀਗੜ੍ਹ, 28 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਡੀਏ ਦੀ ਅਦਾਇਗੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਮਸਲੇ ਨੂੰ ਆਪਣੀ ਮੁੱਛ ਦਾ ਸਵਾਲ ਬਣਾਉਣ ਦੀ ਬਜਾਏ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਸੁਣ ਕੇ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਕੰਧ ’ਤੇ ਲਿਖਿਆ ਸਪੱਸ਼ਟ ਸੁਨੇਹਾ ਵੀ ਪੜ੍ਹਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਹਿਮ ਦਾ ਸ਼ਿਕਾਰ ਹੋ ਕੇ ਇਹ ਸਮਝ ਰਹੀ ਹੈ ਕਿ ਤਾਕਤ ਅਤੇ ਦਬਾਅ ਰਾਹੀਂ ਹਰ ਆਵਾਜ਼ ਨੂੰ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੀਏ ਦੀ ਅਦਾਇਗੀ ਦੇ ਮਾਮਲੇ ਵਿੱਚ ਵੀ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਤੋਂ ਆਨਾ-ਕਾਨੀ ਕੀਤੀ ਗਈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਜਦੋਂ ਮੁਲਾਜ਼ਮਾਂ ਨੇ ਕਾਨੂੰਨੀ ਛੁੱਟੀ ਲੈ ਕੇ ਲੋਕਤੰਤਰਿਕ ਢੰਗ ਨਾਲ ਆਪਣਾ ਰੋਸ ਜ਼ਾਹਰ ਕੀਤਾ ਹੈ ਤਾਂ ਉੱਚ ਅਧਿਕਾਰੀਆਂ ਨੂੰ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਹੁਕਮ ਦੇਣਾ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪਹਿਲਾਂ ਵੀ ਮੁਲਾਜ਼ਮਾਂ ਨੂੰ ਉਲਝਾਉਣ ਵਾਲਾ ਰਵੱਈਆ ਅਪਣਾਇਆ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਸੱਦੇ ਦੇ ਚੰਡੀਗੜ੍ਹ ਵਿੱਚ ਮੀਟਿੰਗ ਰੱਖੀ ਗਈ ਅਤੇ ਬਾਅਦ ਵਿੱਚ ਬਿਨਾਂ ਅਗਾਊਂ ਸੂਚਨਾ ਦੇ ਮੀਟਿੰਗ ਦਾ ਸਥਾਨ ਜਲੰਧਰ ਕਰ ਦਿੱਤਾ ਗਿਆ। ਜਦੋਂ ਮੁਲਾਜ਼ਮ ਉੱਥੇ ਜਾਣ ਲਈ ਵੀ ਤਿਆਰ ਹੋ ਗਏ ਤਾਂ ਸਰਕਾਰ ਨੇ ਪਹਿਲਾਂ ਹੜਤਾਲ ਖਤਮ ਕਰਨ ਦੀ ਸ਼ਰਤ ਰੱਖਦਿਆਂ ਮੀਟਿੰਗ ਹੀ ਰੱਦ ਕਰ ਦਿੱਤੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਛੱਡ ਕੇ ਮੁਲਾਜ਼ਮਾਂ ਨਾਲ ਬੈਠ ਕੇ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਲਈ ਮਾਂ-ਪਿਓ ਵਾਂਗ ਹੁੰਦੀ ਹੈ ਅਤੇ ਮੁਲਾਜ਼ਮ ਸਰਕਾਰ ਦੇ ਹੱਥ ਹੁੰਦੇ ਹਨ। ਜੇਕਰ ਸਰਕਾਰ ਟਕਰਾਅ ਵਧਾਏਗੀ ਤਾਂ ਇਸ ਦਾ ਨੁਕਸਾਨ ਵੀ ਸਰਕਾਰ ਨੂੰ ਹੀ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande