ਡੀਏ ਦੀ ਮੰਗ ਕਰ ਰਹੇ ਹੜਤਾਲੀ ਮੁਲਾਜ਼ਮਾਂ ਨਾਲ ਟਕਰਾਅ ਵਾਲਾ ਰਵੱਈਆ ਛੱਡੇ ਮਾਨ ਸਰਕਾਰ: ਰਾਜਾ ਵੜਿੰਗ
ਚੰਡੀਗੜ੍ਹ, 28 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੰਮੇ ਸਮੇਂ ਤੋਂ ਬਕਾਇਆ ਡੀਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਟਕਰਾਅ ਵਾਲੇ ਰਵੱਈਏ ਦੀ ਨਿੰਦਾ ਕੀਤੀ ਹੈ। ਹੜਤਾਲੀ ਮੁਲਾਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ


ਚੰਡੀਗੜ੍ਹ, 28 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੰਮੇ ਸਮੇਂ ਤੋਂ ਬਕਾਇਆ ਡੀਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਟਕਰਾਅ ਵਾਲੇ ਰਵੱਈਏ ਦੀ ਨਿੰਦਾ ਕੀਤੀ ਹੈ।

ਹੜਤਾਲੀ ਮੁਲਾਜ਼ਮਾਂ ਨਾਲ ਮੀਟਿੰਗ ਰੱਦ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਤਾਨਾਸ਼ਾਹੀ ਅਤੇ ਮਨਮਾਨੇ ਢੰਗ ਨਾਲ ਕੰਮ ਕਰਨ ਨੂੰ ਦਰਸਾਉਂਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦੰਡਾਤਮਿਕ ਕਾਰਵਾਈ ਤੋਂ ਬਚਿਆ ਜਾਵੇ, ਨਹੀਂ ਤਾਂ ਇਹ ਸਰਕਾਰ ਦੇ ਅੰਤ ਦੀ ਸ਼ੁਰੂਆਤ ਹੋਵੇਗੀ।

ਵੜਿੰਗ ਨੇ ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਰੋਸ ਪ੍ਰਦਰਸ਼ਨ ਕਰਨਾ ਮੁਲਾਜ਼ਮਾਂ ਦਾ ਹੱਕ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਵੀ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸਰਕਾਰ ਆਪਣੇ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਡੀਏ ਦੀ ਅਦਾਇਗੀ ਨਹੀਂ ਕਰ ਰਹੀ ਅਤੇ ਜਦੋਂ ਉਹ ਆਪਣਾ ਬਣਦਾ ਹੱਕ ਮੰਗ ਰਹੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੜਤਾਲੀ ਮੁਲਾਜ਼ਮਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਸਰਕਾਰ ਦੇ ਦੁਸ਼ਮਣ ਨਹੀਂ ਹਨ, ਸਗੋਂ ਉਹੀ ਲੋਕ ਹਨ ਜਿਨ੍ਹਾਂ ਨੇ ਸਰਕਾਰ ਦੇ ਕੰਮਕਾਜ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਯੋਗਦਾਨ ਪਾਇਆ ਹੈ।

ਵੜਿੰਗ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਕਿਸੇ ਵੀ ਸਰਕਾਰ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਵਾਅਦੇ ਅਨੁਸਾਰ ਬਕਾਇਆ ਡੀਏ ਦੀ ਅਦਾਇਗੀ ਕਰਨੀ ਚਾਹੀਦੀ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande