
ਚੰਡੀਗੜ੍ਹ, 28 ਅਗਸਤ (ਹਿੰ.ਸ.)| ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀਬੀਏ ਭਾਗ ਤੀਜਾ ਦੇ ਪੰਜਵੇਂ ਸਮੈਸਟਰ ਵਿੱਚੋਂ ਪੰਜਾਬੀ ਵਿਸ਼ਾ ਹਟਾਉਣ ਦੇ ਫ਼ੈਸਲੇ ਦੀ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਖ਼ਤ ਨਿਖੇਧੀ ਕੀਤੀ ਹੈ। ਸਭਾ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੰਜਾਬੀ ਵਿਸ਼ੇ ਨੂੰ ਤੁਰੰਤ ਮੁੜ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ ਅਤੇ ਗ੍ਰੈਜੂਏਸ਼ਨ ਪੱਧਰ ਦੇ ਸਾਰੇ ਕੋਰਸਾਂ ਵਿੱਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਵਿਸ਼ੇ ਵਜੋਂ ਯਕੀਨੀ ਬਣਾਈ ਜਾਵੇ।
ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਵੀ ਪੰਜਾਬੀ ਯੂਨੀਵਰਸਿਟੀ ਵੱਲੋਂ ਬੀਸੀਏ ਅਤੇ ਕੁਝ ਹੋਰ ਕੋਰਸਾਂ ਦੇ ਦੂਜੇ ਤੇ ਤੀਜੇ ਭਾਗ ਵਿੱਚੋਂ ਪੰਜਾਬੀ ਵਿਸ਼ਾ ਹਟਾਇਆ ਗਿਆ ਸੀ। ਪੰਜਾਬੀ ਪ੍ਰੇਮੀਆਂ ਅਤੇ ਸਾਹਿਤਕ ਜਥੇਬੰਦੀਆਂ ਵੱਲੋਂ ਕੀਤੇ ਸੰਘਰਸ਼ ਤੋਂ ਬਾਅਦ ਯੂਨੀਵਰਸਿਟੀ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ।
ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦਾ ਵਿਕਾਸ ਤੇ ਪ੍ਰਸਾਰ ਕਰਨਾ ਹੈ। ਅਜਿਹੇ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਵਿੱਚੋਂ ਪੰਜਾਬੀ ਨੂੰ ਲਗਾਤਾਰ ਹਟਾਉਣ ਦੀ ਬਜਾਏ ਇਸ ਦੇ ਅਧਿਐਨ ਦਾ ਘੇਰਾ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਪੰਜਾਬੀ ਸਿਰਫ਼ ਇੱਕ ਵਿਸ਼ਾ ਨਹੀਂ, ਸਗੋਂ ਪੰਜਾਬ ਦੀ ਭਾਸ਼ਾਈ ਅਤੇ ਸੱਭਿਆਚਾਰਕ ਪਛਾਣ ਦਾ ਅਹਿਮ ਆਧਾਰ ਹੈ।
ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੀਬੀਏ ਭਾਗ ਤੀਜਾ ਦੇ ਪੰਜਵੇਂ ਸਮੈਸਟਰ ਵਿੱਚ ਪੰਜਾਬੀ ਨੂੰ ਤੁਰੰਤ ਮੁੜ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਜਿਨ੍ਹਾਂ ਹੋਰ ਕੋਰਸਾਂ ਵਿੱਚੋਂ ਪੰਜਾਬੀ ਹਟਾਈ ਗਈ ਹੈ, ਉਨ੍ਹਾਂ ਵਿੱਚ ਵੀ ਪੰਜਾਬੀ ਨੂੰ ਮੁੜ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ।
ਸਭਾ ਨੇ ਕਿਹਾ ਕਿ ਗ੍ਰੈਜੂਏਸ਼ਨ ਪੱਧਰ ਦੇ ਸਾਰੇ ਕੋਰਸਾਂ ਵਿੱਚ ਪੰਜਾਬੀ ਦੀ ਪੜ੍ਹਾਈ ਨੂੰ ਲਾਜ਼ਮੀ ਵਿਸ਼ੇ ਵਜੋਂ ਯਕੀਨੀ ਬਣਾਉਣਾ ਪੰਜਾਬੀ ਯੂਨੀਵਰਸਿਟੀ ਦੀ ਭਾਸ਼ਾਈ ਜ਼ਿੰਮੇਵਾਰੀ ਹੈ। ਇਸ ਮੌਕੇ ਸਭਾ ਨੇ ਪੰਜਾਬੀ ਪ੍ਰੇਮੀਆਂ, ਲੇਖਕਾਂ, ਸਾਹਿਤਕ ਜਥੇਬੰਦੀਆਂ ਅਤੇ ਸਾਹਿਤ ਸਭਾਵਾਂ ਨੂੰ ਪੰਜਾਬੀ ਦੇ ਹੱਕ ਵਿੱਚ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਵੀ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH