
ਬਾਬਾ ਬਕਾਲਾ, 29 ਅਗਸਤ (ਹਿੰ.ਸ.)| ਰੱਖੜ ਪੁੰਨਿਆ ਮੇਲੇ ਦੀ ਰਾਤ ਕਸਬਾ ਬਾਬਾ ਬਕਾਲਾ ਵਿੱਚ ਇੱਕ ਨੌਜਵਾਨ ਨਿਹੰਗ ਸਿੰਘ ਦੀ ਗੋਲੀ ਲੱਗੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਾਸ਼ ਸਿਵਲ ਹਸਪਤਾਲ ਬਾਬਾ ਬਕਾਲਾ ਦੇ ਪਿਛਲੇ ਪਾਸੇ ਤੋਂ ਬਰਾਮਦ ਹੋਈ। ਮ੍ਰਿਤਕ ਦੇ ਛਾਤੀ ਅਤੇ ਹੱਥ ’ਤੇ ਗੋਲੀ ਲੱਗਣ ਦੇ ਨਿਸ਼ਾਨ ਦੱਸੇ ਜਾ ਰਹੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਸਾਢੇ 9 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਸਿਵਲ ਹਸਪਤਾਲ ਬਾਬਾ ਬਕਾਲਾ ਦੇ ਪਿਛਲੇ ਪਾਸੇ ਨਿਹੰਗ ਬਾਣੇ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।ਮ੍ਰਿਤਕ ਦੀ ਪਛਾਣ ਰਾਜਾ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਮਗਲਾਣੀ ਵਜੋਂ ਦੱਸੀ ਗਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਰਖਵਾ ਦਿੱਤਾ ਹੈ। ਥਾਣਾ ਬਿਆਸ ਦੇ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਨਿਹੰਗ ਬਾਣੇ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇ ਛਾਤੀ ਅਤੇ ਹੱਥ ’ਤੇ ਗੋਲੀ ਲੱਗਣ ਦੇ ਨਿਸ਼ਾਨ ਮਿਲੇ ਹਨ।ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ ਅਤੇ ਇਸ ਘਟਨਾ ਪਿੱਛੇ ਕੌਣ ਜ਼ਿੰਮੇਵਾਰ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH