
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ
ਕਰਹਾਲੀ, 29 ਅਗਸਤ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਬੇਇਨਸਾਫ਼ੀ ਵਿਰੁੱਧ ਸੰਘਰਸ਼ ਦੇ ਰਾਹ ਤੁਰੇ ਬੰਦੀ ਸਿੰਘਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਦਹਾਕੇ ਜੇਲ੍ਹਾਂ ਦੀ ਚਾਰ-ਦਿਵਾਰੀ ਵਿਚ ਬਿਤਾਅ ਦਿੱਤੇ ਹਨ, ਪ੍ਰੰਤੂ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾਂ ਬੇਇਨਸਾਫ਼ੀ ਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਕਿਸੇ ਨਾਲ ਮੁਕਾਬਲਾ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੀ ਕਿਸੇ ਨਾਲ ਤੁਲਨਾ ਨਹੀਂ ਕਰਦੀ, ਸਗੋਂ ਇਕਸਾਰ ਇਨਸਾਫ਼ ਦੀ ਮੰਗ ਕਰ ਰਹੀ ਹੈ। ਜੇਕਰ ਕਾਨੂੰਨ ਸਭ ਲਈ ਇਕ ਹੈ, ਤਾਂ ਉਸ ਦੀ ਵਰਤੋਂ ਵੀ ਇੱਕੋ ਜਿਹੀ ਹੋਣੀ ਚਾਹੀਦੀ ਹੈ। ਇਸੇ ਦੇਸ਼ ਵਿਚ ਘਿਨੌਣੇ ਅਪਰਾਧਾਂ ’ਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਤਾਂ ਸਾਲ ਵਿਚ ਕਈ ਵਾਰ ਪੈਰੋਲ ਦਿੱਤੀ ਜਾਂਦੀ ਹੈ, ਪ੍ਰੰਤੂ ਬੰਦੀ ਸਿੰਘਾਂ ਦੇ ਮਾਮਲੇ ਵਿਚ ਹਮੇਸ਼ਾ ਵਿਤਕਰਾ ਹੀ ਹੋਇਆ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਤਾ ਨਾਲ ਮਿਲਣ ਤੱਕ ਲਈ ਕੁਝ ਦਿਨ ਵੀ ਨਹੀਂ ਦਿੱਤੇ ਜਾ ਰਹੇ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਵੀ ਸਰਕਾਰ ਦੀ ਪਹੁੰਚ ਹਮੇਸ਼ਾ ਵਿਤਕਰੇ ਵਾਲੀ ਹੀ ਰਹੀ ਹੈ।
ਆਰੰਭਤਾ ਸਮੇਂ ਸਜੇ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH