
2.45 ਲੱਖ ਬੱਚਿਆਂ ਨੂੰ ਮਿਲ ਰਹੀ ਨਿਯਮਿਤ ਵਿੱਤੀ ਸਹਾਇਤਾ, ਹੁਣ ਤੱਕ 181.23 ਕਰੋੜ ਰੁਪਏ ਜਾਰੀ
ਚੰਡੀਗੜ੍ਹ, 29 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਤ ਜੀਵਨ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਵਿੱਤੀ ਸਾਲ 2026-27 ਦੌਰਾਨ ਸਰਕਾਰ ਨੇ ਯੋਜਨਾ ਲਈ 432.38 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ, ਜਿਸ ਵਿੱਚੋਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ ਅਤੇ ਉਨ੍ਹਾਂ ਦੀ ਪੜ੍ਹਾਈ ਤੇ ਭਵਿੱਖ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਤਹਿਤ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਸਹਾਇਤਾ ਬੱਚਿਆਂ ਦੀ ਸਿੱਖਿਆ, ਰੋਜ਼ਾਨਾ ਦੀਆਂ ਲੋੜਾਂ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਮਦਦਗਾਰ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਇਹ ਬੱਚੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਬੱਚਾ ਗਰੀਬੀ, ਮਜਬੂਰੀ, ਅਣਗਹਿਲੀ ਜਾਂ ਮਾਪਿਆਂ ਦੀ ਸਹਾਇਤਾ ਤੋਂ ਵਾਂਝਾ ਹੋਣ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਨਾਲ ਸਮਝੌਤਾ ਨਾ ਕਰੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਲੈ ਸਕਦੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਨਹੀਂ ਰਹੇ, ਦੋਵੇਂ ਘਰੋਂ ਗੈਰ-ਹਾਜ਼ਰ ਹਨ ਜਾਂ ਸਰੀਰਕ/ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਸੰਵੇਦਨਸ਼ੀਲ ਅਤੇ ਸਮਾਵੇਸ਼ੀ ਭਲਾਈ ਮਾਡਲ ਤਿਆਰ ਕਰ ਰਹੀ ਹੈ, ਜਿਸ ਤਹਿਤ ਹਰ ਲੋੜਵੰਦ ਬੱਚੇ ਨੂੰ ਆਪਣੀ ਸਮਰੱਥਾ ਮੁਤਾਬਕ ਅੱਗੇ ਵਧਣ ਦੇ ਬਰਾਬਰ ਮੌਕੇ ਮਿਲ ਸਕਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਬੱਚਿਆਂ ਦੇ ਭਵਿੱਖ ਵਿੱਚ ਕੀਤਾ ਜਾ ਰਿਹਾ ਨਿਵੇਸ਼ ਭਲਕੇ ਮਜ਼ਬੂਤ ਪਰਿਵਾਰਾਂ, ਸਸ਼ਕਤ ਸਮਾਜ ਅਤੇ ਖੁਸ਼ਹਾਲ ਪੰਜਾਬ ਦੀ ਨੀਂਹ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ ਹੈ, ਸਗੋਂ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਸਨਮਾਨਤ ਜੀਵਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਸਰਕਾਰ ਦੇ ਸੰਕਲਪ ਦਾ ਹਿੱਸਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH