ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਕੈਬਨਿਟ ਮੰਤਰੀ ਸੌਂਦ ਨੇ ਲਿਆ ਜਾਇਜ਼ਾ
ਚੰਡੀਗੜ੍ਹ, 03 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਹੁਣ ਤੱਕ
ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਸੌਂਦ।


ਚੰਡੀਗੜ੍ਹ, 03 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਹੁਣ ਤੱਕ ਹੋਏ ਕੰਮਾਂ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਨੂੰ ਸਫਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਮੀਟਿੰਗ ਦੌਰਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਜੁਲਾਈ ਤੋਂ ਨਵੰਬਰ ਤੱਕ ਪੰਜਾਬ ਭਰ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਵਿਰਾਸਤ ਨੂੰ ਸਮਰਪਿਤ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਮਕਸਦ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।

ਮੀਟਿੰਗ ਵਿੱਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਵਿਕਾਸ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਤੋਂ ਇਲਾਵਾ ਡੇਰਾ ਬੱਲਾਂ ਦੇ ਸੰਤ ਪ੍ਰਦੀਪ ਦਾਸ ਜੀ, ਸੰਤ ਨਿਰਮਲ ਦਾਸ ਜੀ ਜਲੰਧਰ, ਸੰਤ ਕੇਵਲ ਸਿੰਘ ਜੀ ਤਪ ਅਸਥਾਨ ਖੁਰਾਲਗੜ੍ਹ, ਸੰਤ ਸਤਵਿੰਦਰ ਸਿੰਘ ਹੀਰਾ ਚਰਨ ਛੋਹ ਗੰਗਾ ਖੁਰਾਲਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਮਨਜਿੰਦਰ ਸਿੰਘ ਅਤੇ ਡਾ. ਰਾਜ ਕੁਮਾਰ ਹੰਸ ਸਮੇਤ ਕਈ ਮਾਹਿਰ ਸ਼ਾਮਲ ਹੋਏ।

ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਵਿਚਾਰਧਾਰਾ 'ਤੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ, ਤਾਂ ਜੋ ਸਮਾਜ ਵਿੱਚ ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਇਆ ਜਾ ਸਕੇ।

ਜਸ਼ਨਾਂ ਤਹਿਤ ਪੰਜਾਬ ਭਰ ਵਿੱਚ 650 ਏਕੜ ਜ਼ਮੀਨ 'ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ 6.50 ਲੱਖ ਬੂਟੇ ਲਗਾਉਣ ਅਤੇ 6.50 ਲੱਖ ਯਾਦਗਾਰੀ ਝੰਡੇ ਵੰਡਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਸਾਰੇ ਜ਼ਿਲ੍ਹਾ ਮੁੱਖ ਦਫ਼ਤਰਾਂ ਵਿੱਚ ‘ਰਨ ਫਾਰ ਇਕੁਐਲਟੀ’ ਮੈਰਾਥਨ ਅਤੇ ਸਾਈਕਲ ਰੈਲੀਆਂ ਕਰਵਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਤੋਂ ਬਾਅਦ 9 ਤੋਂ 11 ਅਕਤੂਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਸਮਾਗਮ ਹੋਵੇਗਾ, ਜਿਸ ਵਿੱਚ ਪ੍ਰਦਰਸ਼ਨੀਆਂ, ਕਥਾ, ਕੀਰਤਨ ਦਰਬਾਰ, ਸੰਤ ਸੰਮੇਲਨ, ਕਾਨਫਰੰਸਾਂ, ਬੇਗਮਪੁਰਾ ਸਮਾਗਮ ਅਤੇ ਥ੍ਰੀ-ਡੀ ਪ੍ਰੋਜੈਕਸ਼ਨ ਸ਼ੋਅ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਸੌਂਦ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੌਰਾਨ ਸੰਗਤ ਅਤੇ ਸੈਲਾਨੀਆਂ ਲਈ ਰਿਹਾਇਸ਼, ਸਫਾਈ, ਪੀਣ ਵਾਲੇ ਪਾਣੀ, ਆਵਾਜਾਈ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਮੈਡੀਕਲ ਸਹੂਲਤਾਂ ਦੇ ਪੂਰੇ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਾਲ ਭਰ ਚੱਲਣ ਵਾਲੇ ਸਮਾਗਮ ਗੁਰੂ ਰਵਿਦਾਸ ਜੀ ਦੀਆਂ ਸਮਾਨਤਾ, ਦਇਆ, ਹਲੀਮੀ ਅਤੇ ਭਾਈਚਾਰਕ ਸਾਂਝ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande