
ਚੰਡੀਗੜ੍ਹ, 03 ਅਗਸਤ (ਹਿੰ.ਸ.)| ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਨਵੇਂ ਆਗੂਆਂ ਦੇ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੰਮ੍ਰਿਤਸਰ ਵਿੱਚ ਕਰਵਾਏ ਗਏ ਪਾਰਟੀ ਸਮਾਗਮ ਦੌਰਾਨ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਐਸਜੀਪੀਸੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਆਗੂਆਂ ਨੇ ਦੋਵਾਂ ਆਗੂਆਂ ਦਾ ਸਵਾਗਤ ਕਰਦਿਆਂ ਇਸ ਨੂੰ ਸੰਗਠਨ ਦੇ ਵਿਸਥਾਰ ਵੱਲ ਇੱਕ ਅਹਿਮ ਕਦਮ ਦੱਸਿਆ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਤੋਂ ਨਿਰਾਸ਼ ਹਨ ਅਤੇ ਬਦਲਾਅ ਦੀ ਉਮੀਦ ਨਾਲ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜ ਰਹੇ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਲਗਾਤਾਰ ਵਿਦੇਸ਼ਾਂ ਵੱਲ ਪਲਾਇਨ ਨੂੰ ਸੂਬੇ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਤਰਜੀਹ ਦੇ ਆਧਾਰ 'ਤੇ ਕਦਮ ਚੁੱਕਣੇ ਚਾਹੀਦੇ ਹਨ।
ਬਰਨਾਲਾ ਦੀ ਘਟਨਾ ਦਾ ਜ਼ਿਕਰ ਕਰਦਿਆਂ ਡਾ. ਵੇਰਕਾ ਨੇ ਕਿਹਾ ਕਿ ਸਰਕਾਰ ਨੂੰ ਹਰ ਵਰਗ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਲੋਕਤੰਤਰੀ ਢੰਗ ਨਾਲ ਉਠ ਰਹੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਕਾਫ਼ੀ ਉਮੀਦਾਂ ਹਨ। ਬੇਅਦਬੀ ਰੋਕਥਾਮ ਕਾਨੂੰਨ ਸਮੇਤ ਹੋਰ ਸੰਵੇਦਨਸ਼ੀਲ ਮੁੱਦਿਆਂ 'ਤੇ ਸਾਰੀਆਂ ਸਿਆਸੀ ਧਿਰਾਂ ਦੀ ਸਹਿਮਤੀ ਨਾਲ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਵਾਦ ਪੈਦਾ ਨਾ ਹੋਵੇ।
ਐਸਜੀਪੀਸੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਪੰਥ ਨਾਲ ਜੁੜੇ ਹਰ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਪਰੰਪਰਾਵਾਂ ਦਾ ਸਤਿਕਾਰ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਹਿਮ ਕਾਨੂੰਨ ਜਾਂ ਫ਼ੈਸਲੇ ਤੋਂ ਪਹਿਲਾਂ ਸਾਰੇ ਸੰਬੰਧਿਤ ਪੱਖਾਂ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੈ।
ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ ਨਸ਼ਾ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦਾ ਲਗਾਤਾਰ ਵਿਦੇਸ਼ਾਂ ਵੱਲ ਰੁਖ ਕਰਨਾ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਰੁਜ਼ਗਾਰ, ਸਿੱਖਿਆ ਅਤੇ ਨਸ਼ਾ-ਮੁਕਤ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ।
ਹਿੰਦੂਸਥਾਨ ਸਮਾਚਾਰ / GURSHARAN SINGH