ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਵੱਡਾ ਹੁੰਗਾਰਾ, ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਪਰੰਪਰਾਵਾਂ ਦੀ ਰੱਖਿਆ ਦਾ ਦਿੱਤਾ ਸੰਦੇਸ਼
ਸ੍ਰੀ ਮੁਕਤਸਰ ਸਾਹਿਬ, 03 ਅਗਸਤ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਰਚ ਕੋਈ ਸਿਆਸੀ ਰੋਡ ਸ਼ੋਅ ਨਹੀਂ, ਸਗੋਂ ਸ੍ਰੀ ਗੁਰੂ ਹ
ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਬਾਦਲ ਪਹੁੰਚਣ ਤੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਮੱਥਾ ਟੇਕਦੇ ਹੋਏ।


ਸ੍ਰੀ ਮੁਕਤਸਰ ਸਾਹਿਬ, 03 ਅਗਸਤ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਰਚ ਕੋਈ ਸਿਆਸੀ ਰੋਡ ਸ਼ੋਅ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਪਰੰਪਰਾਵਾਂ ਦਾ ਪ੍ਰਗਟਾਵਾ ਹੈ।

ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਥੇਹੜੀ ਸਾਹਿਬ ਤੋਂ ਮਾਰਚ ਦੀ ਸ਼ੁਰੂਆਤ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚੱਲ ਰਹੀਆਂ ਪੰਥਕ ਪਰੰਪਰਾਵਾਂ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਜਦੋਂ ਵੀ ਸਿੱਖ ਕੌਮ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਲਹਿਰਾਂ ਅਤੇ ਨਗਰ ਕੀਰਤਨ ਕੌਮ ਨੂੰ ਇਕਜੁੱਟ ਕਰਨ ਦਾ ਕੰਮ ਕਰਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਨੂੰ ਰੋਡ ਸ਼ੋਅ ਕਹਿਣਾ ਸਿੱਖ ਪਰੰਪਰਾਵਾਂ ਦੀ ਅਣਜਾਣਤਾ ਨੂੰ ਦਰਸਾਉਂਦਾ ਹੈ ਅਤੇ ਇਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਮਿਲ ਰਹੇ ਵੱਡੇ ਹੁੰਗਾਰੇ ਤੋਂ ਘਬਰਾਏ ਕੁਝ ਲੋਕ ਇਸ ਪਵਿੱਤਰ ਯਾਤਰਾ 'ਤੇ ਟਿੱਪਣੀਆਂ ਕਰ ਰਹੇ ਹਨ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਦੀਆਂ ਤੋਂ ਪੰਥ ਦੀ ਅਗਵਾਈ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ਿਆ, ਜਿਸ ਵਿੱਚ ਭਗਤੀ ਦੇ ਨਾਲ ਸ਼ਕਤੀ, ਸੰਤ ਦੇ ਨਾਲ ਸਿਪਾਹੀ ਅਤੇ ਧਰਮ ਦੀ ਰੱਖਿਆ ਲਈ ਹਿੰਮਤ ਦਾ ਸੰਦੇਸ਼ ਦਿੱਤਾ ਗਿਆ ਹੈ।

ਗਿਆਨੀ ਗੜਗੱਜ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ, ਨੌਜਵਾਨੀ ਦੇ ਆਪਣੇ ਵਿਰਸੇ ਤੋਂ ਦੂਰ ਹੋਣ ਅਤੇ ਸਿੱਖ ਸੰਸਥਾਵਾਂ ਸਬੰਧੀ ਉੱਠ ਰਹੇ ਸਵਾਲਾਂ ਦੇ ਮਾਹੌਲ ਵਿੱਚ ਇਹ ਮਾਰਚ ਗੁਰਮਤਿ, ਚੜ੍ਹਦੀ ਕਲਾ ਅਤੇ ਪੰਥਕ ਜਾਗਰੂਕਤਾ ਦਾ ਸੰਦੇਸ਼ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਿਆਦਾ 'ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਨੂੰ ਸੁਚੇਤ ਰਹਿਣਾ ਚਾਹੀਦਾ ਹੈ।

ਮੀਰੀ-ਪੀਰੀ ਖਾਲਸਾ ਮਾਰਚ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਿੰਡ ਬਾਦਲ ਪਹੁੰਚਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮਾਰਚ ਦਾ ਸਵਾਗਤ ਕੀਤਾ। ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ ਅਤੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

ਮਾਰਚ ਦਾ ਅਗਲਾ ਪੜਾਅ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਵਿਖੇ ਰਿਹਾ। ਇਸ ਦੌਰਾਨ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਵੱਖ-ਵੱਖ ਵਾਹਨਾਂ 'ਤੇ ਲਗਾਈਆਂ ਗਈਆਂ ਤਸਵੀਰਾਂ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande