
ਅੰਮ੍ਰਿਤਸਰ, 03 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ।
ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਰਾਹੀਂ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ। ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ। ਇਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਨੀਤੀਗਤ ਮਾਮਲਿਆਂ ’ਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲੇ ਲਏ ਜਾਣਗੇ।
ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ
ਅਨਿਲ ਠਾਕੁਰ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿੱਤ ਮੰਤਰੀ ਦੀ ਅਗਵਾਈ ਹੇਠ ਸੂਬਾ ਪੱਧਰ ’ਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸੂਬਾ ਪੱਧਰ ’ਤੇ ਵੀ ਕਈ ਅਹਿਮ ਫ਼ੈਸਲੇ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ।
ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 40 ਕਰੋੜ ਰੁਪਏ ਦਾ ਇਹ ਵਿਸ਼ੇਸ਼ ਫੰਡ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH