
ਫਿਰੋਜ਼ਪੁਰ, 30 ਅਗਸਤ (ਹਿੰ.ਸ.)| ਫਿਰੋਜ਼ਪੁਰ ਦੇ ਮਮਦੋਟ ਇਲਾਕੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ’ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਹਮਲਾਵਰਾਂ ਨੇ ਕਾਰ ਵਿੱਚ ਬੈਠੇ ਤਿੰਨ ਵਿਅਕਤੀਆਂ ਅਤੇ ਦੋ ਮੋਟਰਸਾਈਕਲ ਸਵਾਰਾਂ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ‘ਆਪ’ ਆਗੂ ਦੀ ਮੌਤ ਹੋ ਗਈ, ਜਦਕਿ ਉਸ ਦਾ ਇੱਕ ਸਾਥੀ ਜ਼ਖਮੀ ਹੋ ਗਿਆ।ਮ੍ਰਿਤਕ ਦੀ ਪਛਾਣ 45 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਦੱਸੀ ਗਈ ਹੈ। ਹਰਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਾਮਲੇ ਪਿੱਛੇ ਚੋਣੀ ਰੰਜਿਸ਼ ਹੋਣ ਦਾ ਸ਼ੱਕ ਹੈ।ਐਸਐਸਪੀ ਮੁਤਾਬਕ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਨਾਲ ਜੁੜੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਹਮਲਾਵਰਾਂ ਦੀ ਪਛਾਣ ਕਰ ਲਈ ਹੈ, ਹਾਲਾਂਕਿ ਉਨ੍ਹਾਂ ਨੇ ਫਿਲਹਾਲ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕੀਤਾ ਹੈ। ਪੁਲਿਸ ਵੱਲੋਂ ਹਮਲਾਵਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਦੇ ਡਾਕਟਰ ਮੁਤਾਬਕ ਸ਼ਨੀਵਾਰ ਦੇਰ ਰਾਤ ਦੋ ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਅਤੇ ਗੋਲੀਬਾਰੀ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH