
ਬਟਾਲਾ, 30 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਕਾਰਪੋਰੇਸ਼ਨ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਸਿੰਬਲ ਚੌਂਕ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਕਰਵਾਈ ਗਈ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ।
ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮੁੱਖ ਉਦੇਸ਼ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਫ਼ਾਈ ਪ੍ਰਤੀ ਸਥਾਈ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲ ਨਹੀਂ ਬਣਾਇਆ ਜਾ ਸਕਦਾ।
ਉਨ੍ਹਾਂ ਬਟਾਲਾ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਬਟਾਲਾ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕ ਕੂੜਾ-ਕਰਕਟ ਸਿਰਫ਼ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ।
ਮੇਅਰ ਨੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਬਾਜ਼ਾਰਾਂ, ਮੁੱਖ ਸੜਕਾਂ ਅਤੇ ਜਨਤਕ ਥਾਵਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਇਕੱਠੇ ਹੋਏ ਕੂੜੇ ਦੀ ਸਮੇਂ ਸਿਰ ਚੁਕਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਹ ਸਫ਼ਾਈ ਮੁਹਿੰਮ ਸਿਰਫ਼ ਇੱਕ ਦਿਨ ਦੀ ਗਤੀਵਿਧੀ ਨਹੀਂ ਰਹੇਗੀ, ਸਗੋਂ ਸ਼ਹਿਰ ਨੂੰ ਲਗਾਤਾਰ ਸਾਫ਼ ਅਤੇ ਸੁੰਦਰ ਬਣਾਈ ਰੱਖਣ ਲਈ ਨਿਰੰਤਰ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ਦੀ ਸਫ਼ਾਈ ਕਰਨ ਦੇ ਨਾਲ ਲੋਕਾਂ ਨੂੰ ਵੀ ਮੁਹਿੰਮ ਨਾਲ ਜੁੜਨ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH