ਪੰਜਾਬੀ ਲੇਖਕ ਮਹਿੰਦਰ ਸਿੰਘ ਦੁਸਾਂਝ ਦੇ ਦਿਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 31 ਅਗਸਤ (ਹਿੰ.ਸ.)| ਅਗਾਂਹਵਧੂ ਕਿਸਾਨ, ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਡੂੰਘੇ ਦੁੱਖ ਅਤੇ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਭਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ
ਪੰਜਾਬੀ ਲੇਖਕ ਮਹਿੰਦਰ ਸਿੰਘ ਦੁਸਾਂਝ ਦੇ ਦਿਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ


ਚੰਡੀਗੜ੍ਹ, 31 ਅਗਸਤ (ਹਿੰ.ਸ.)| ਅਗਾਂਹਵਧੂ ਕਿਸਾਨ, ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਡੂੰਘੇ ਦੁੱਖ ਅਤੇ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਭਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰਕ ਮੈਂਬਰਾਂ, ਸਨੇਹੀਆਂ ਅਤੇ ਸਾਹਿਤਕ ਸਾਥੀਆਂ ਨਾਲ ਹਮਦਰਦੀ ਪ੍ਰਗਟ ਕੀਤੀ। ਸਭਾ ਵੱਲੋਂ ਜਾਰੀ ਬਿਆਨ ਵਿੱਚ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਮਹਿੰਦਰ ਸਿੰਘ ਦੁਸਾਂਝ ਦਾ ਵਿਛੋੜਾ ਪੰਜਾਬੀ ਸਾਹਿਤ, ਕਿਸਾਨੀ ਅਤੇ ਪੇਂਡੂ ਸਮਾਜ ਲਈ ਵੱਡਾ ਘਾਟਾ ਹੈ।ਆਗੂਆਂ ਨੇ ਕਿਹਾ ਕਿ ਦੁਸਾਂਝ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ। ਉਨ੍ਹਾਂ ਸਾਹਿਤਕ ਸਰਗਰਮੀਆਂ ਨੂੰ ਪਿੰਡਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਪੇਂਡੂ ਖੇਤਰਾਂ ਵਿੱਚ ਸਾਹਿਤਕ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕੀਤਾ। ਮਹਿੰਦਰ ਸਿੰਘ ਦੁਸਾਂਝ ਨੇ ‘ਦਿਸ਼ਾ’, ‘ਕਿਰਤ ਨਾਲ ਜੁੜੇ ਰਿਸ਼ਤੇ’, ‘ਰੌਸ਼ਨੀ ਦੀ ਭਾਲ’ ਅਤੇ ‘ਯਾਦਾਂ ਪਾਕਿਸਤਾਨ ਦੀਆਂ’ ਸਮੇਤ ਕਈ ਰਚਨਾਵਾਂ ਰਾਹੀਂ ਪੰਜਾਬੀ ਸਾਹਿਤ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਵੱਲੋਂ ਲਿਖਾਰੀ ਸਭਾ ਜਗਤਪੁਰ ਦੀ ਸਥਾਪਨਾ ਵੀ ਕੀਤੀ ਗਈ, ਜਿਸ ਰਾਹੀਂ ਪੇਂਡੂ ਸਾਹਿਤਕ ਲਾਇਬ੍ਰੇਰੀਆਂ, ਸਾਹਿਤ ਸਭਾਵਾਂ ਅਤੇ ਪਾਠਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਗਏ।ਕੇਂਦਰੀ ਪੰਜਾਬੀ ਲੇਖਕ ਸਭਾ ਦੇ ਆਗੂਆਂ ਨੇ ਕਿਹਾ ਕਿ ਦੁਸਾਂਝ ਦਾ ਜੀਵਨ ਸਿਰਫ਼ ਸਾਹਿਤ ਤੱਕ ਸੀਮਤ ਨਹੀਂ ਸੀ। ਉਨ੍ਹਾਂ ਖੇਤੀਬਾੜੀ ਵਿੱਚ ਨਵੀਆਂ ਪਿਰਤਾਂ ਪਾਉਣ, ਪੇਂਡੂ ਵਿਕਾਸ, ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਸਰਗਰਮੀ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਮਹਿੰਦਰ ਸਿੰਘ ਦੁਸਾਂਝ ਦੀਆਂ ਸਾਹਿਤਕ ਅਤੇ ਸਮਾਜਿਕ ਸੇਵਾਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੀਆਂ ਰਹਿਣਗੀਆਂ। ਕੇਂਦਰੀ ਪੰਜਾਬੀ ਲੇਖਕ ਸਭਾ ਨੇ ਮਹਿੰਦਰ ਸਿੰਘ ਦੁਸਾਂਝ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕਰਦਿਆਂ ਪਰਿਵਾਰ ਨਾਲ ਆਪਣੀ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande