
‘ਡੀਏ ਸਰਕਾਰ ਦੀ ਮਿਹਰਬਾਨੀ ਨਹੀਂ, ਮੁਲਾਜ਼ਮਾਂ ਦਾ ਹੱਕ’; ਵੜਿੰਗ ਨੇ ਮਾਨ ਸਰਕਾਰ ਦੀਆਂ ਵਿੱਤੀ ਤਰਜੀਹਾਂ ’ਤੇ ਵੀ ਚੁੱਕੇ ਸਵਾਲਚੰਡੀਗੜ੍ਹ, 31 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਬਕਾਇਆ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਅਤੇ ‘ਵਾਰੀਅਰਜ਼’ ਇਨਸਾਫ਼ ਮਿਲਣ ਤੱਕ ਮੁਲਾਜ਼ਮਾਂ ਦੇ ਨਾਲ ਖੜ੍ਹੇ ਰਹਿਣਗੇ।ਆਪਣੇ ਲਾਈਵ ਇੰਟਰਐਕਸ਼ਨ ਪ੍ਰੋਗਰਾਮ ‘ਵੜਿੰਗ ਵਿਦ ਵਾਰੀਅਰਜ਼’ ਦੇ ਚੌਥੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਮੁਲਾਜ਼ਮ ਡੀਏ ਦੇ ਬਕਾਏ ਅਤੇ ਓਪੀਐੱਸ ਦੀ ਬਹਾਲੀ ਲਈ ਆਪਣਾ ਹੱਕ ਮੰਗ ਰਹੇ ਹਨ, ਨਾ ਕਿ ਸਰਕਾਰ ਤੋਂ ਕੋਈ ਵਿਸ਼ੇਸ਼ ਰਿਆਇਤ। ਉਨ੍ਹਾਂ ਕਿਹਾ, “ਜੋ ਲੜਦੇ ਹਨ, ਉਹੀ ਜਿੱਤਦੇ ਹਨ” ਅਤੇ ਕਾਂਗਰਸ ਮੁਲਾਜ਼ਮਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦਿੰਦੀ ਰਹੇਗੀ।ਓਪੀਐੱਸ ਦੇ ਮੁੱਦੇ ’ਤੇ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਸਵਾਲ ਕੀਤਾ ਕਿ ਜੇ ਸਰਕਾਰ ਦਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਇਰਾਦਾ ਨਹੀਂ ਸੀ ਤਾਂ ਇਸ ਸਬੰਧੀ ਨੋਟੀਫਿਕੇਸ਼ਨ ਕਿਉਂ ਜਾਰੀ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਾਰ-ਵਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ।ਵੜਿੰਗ ਨੇ ਕਿਹਾ ਕਿ ਪੰਜਾਬ ਦਾ ਪ੍ਰਸ਼ਾਸਨ ਅਤੇ ਸਰਕਾਰੀ ਕੰਮਕਾਜ ਮੁੱਖ ਤੌਰ ’ਤੇ ਮੁਲਾਜ਼ਮਾਂ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਡੀਏ ਕੋਈ ਸਰਕਾਰੀ ਮਿਹਰਬਾਨੀ ਨਹੀਂ, ਸਗੋਂ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ। ਉਨ੍ਹਾਂ ਮੁਲਾਜ਼ਮਾਂ ਦੇ ਧਰਨਿਆਂ ਅਤੇ ਪ੍ਰਦਰਸ਼ਨਾਂ ਦੌਰਾਨ ਉਨ੍ਹਾਂ ਦੇ ਨਾਲ ਖੜ੍ਹੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਵੀ ਸ਼ਲਾਘਾ ਕੀਤੀ।ਪੰਜਾਬ ਸਰਕਾਰ ਦੀ ਵਿੱਤੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਵੜਿੰਗ ਨੇ ਦਾਅਵਾ ਕੀਤਾ ਕਿ ਸਰਕਾਰ ਮੁਲਾਜ਼ਮਾਂ ਦੇ ਬਕਾਏ ਲਈ ਪੈਸੇ ਦੀ ਕਮੀ ਦਾ ਹਵਾਲਾ ਦਿੰਦੀ ਹੈ, ਜਦਕਿ ਇਸ਼ਤਿਹਾਰਾਂ ’ਤੇ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ’ਤੇ ਪੰਜਾਬ ਦਾ ਪੈਸਾ ਸੂਬੇ ਤੋਂ ਬਾਹਰ ਸਿਆਸੀ ਸਰਗਰਮੀਆਂ ’ਤੇ ਖਰਚ ਕਰਨ ਦਾ ਵੀ ਦੋਸ਼ ਲਾਇਆ।ਵੜਿੰਗ ਨੇ ਦਾਅਵਾ ਕੀਤਾ ਕਿ 2022 ਵਿੱਚ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਸਮੇਂ ਪੰਜਾਬ ਦਾ ਬਕਾਇਆ ਕਰਜ਼ਾ ਲਗਭਗ 2.85 ਲੱਖ ਕਰੋੜ ਰੁਪਏ ਸੀ, ਜੋ ਹੁਣ ਕਰੀਬ 4.48 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ 25 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਣ ਲਈ ਸਲਾਹਕਾਰਾਂ ਨੂੰ 341 ਕਰੋੜ ਰੁਪਏ ਅਦਾ ਕਰਨ ਦੇ ਮਾਮਲੇ ’ਤੇ ਵੀ ਸਰਕਾਰ ਨੂੰ ਘੇਰਿਆ।ਕਾਂਗਰਸ ਆਗੂ ਨੇ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਵਾਅਦਿਆਂ ਅਤੇ ਪ੍ਰਾਜੈਕਟਾਂ ਦੀ ਪ੍ਰਗਤੀ ’ਤੇ ਵੀ ਸਵਾਲ ਉਠਾਏ। ਉਨ੍ਹਾਂ ਬੀਐਮਡਬਲਿਉ ਨਿਰਮਾਣ ਪਲਾਂਟ, ਮਾਲਵਾ ਕੈਨਾਲ ਅਤੇ ਨਵੇਂ ਮੈਡੀਕਲ ਕਾਲਜਾਂ, ਸਕੂਲਾਂ ਤੇ ਕਾਲਜਾਂ ਨਾਲ ਜੁੜੇ ਵਾਅਦਿਆਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ।ਵੜਿੰਗ ਨੇ ਕਿਹਾ ਕਿ ਕਾਂਗਰਸ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਮਾਨ ਸਰਕਾਰ ਨੂੰ ਸੱਤਾ ਤੋਂ ਹਟਾ ਕੇ ਪੰਜਾਬ ਵਿੱਚ ਸਥਿਰ ਸਰਕਾਰ ਲਿਆਉਣਾ ਹੈ। ਉਨ੍ਹਾਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਬਦਲਾਅ ਦੀ ਉਮੀਦ ਵਜੋਂ ਦੇਖ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH