
ਜੰਡਿਆਲਾ ਗੁਰੂ, 31 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਕਾਰਜ ਕਰਵਾਏ ਗਏ। ਇਹ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਜਾਰੀ ਰਹੇਗੀ।
ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਉਦੇਸ਼ ਸਿਰਫ਼ ਸਫ਼ਾਈ ਕਰਵਾਉਣਾ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਇਸ ਨੂੰ ਕਾਇਮ ਰੱਖਣ ਲਈ ਸਰਕਾਰ ਦੇ ਨਾਲ ਹਰ ਨਾਗਰਿਕ ਦੀ ਭੂਮਿਕਾ ਵੀ ਬੇਹੱਦ ਮਹੱਤਵਪੂਰਨ ਹੈ।
ਮੰਤਰੀ ਨੇ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਜਿੱਥੇ ਵੀ ਕੂੜੇ ਦੇ ਢੇਰ, ਗੰਦਗੀ ਜਾਂ ਸਫ਼ਾਈ ਨਾਲ ਸਬੰਧਤ ਸਮੱਸਿਆਵਾਂ ਹਨ, ਉਨ੍ਹਾਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਵਿਸ਼ੇਸ਼ ਸਫ਼ਾਈ ਕਰਵਾਈ ਜਾਵੇਗੀ। ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਥਾਨਕ ਪ੍ਰਸ਼ਾਸਨ ਦਾ ਸਰਗਰਮ ਸਹਿਯੋਗ ਕਰਨ। ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ, ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਸਫ਼ਾਈ ਨਾਲ ਸਬੰਧਤ ਆਪਣੇ ਸੁਝਾਅ ਪ੍ਰਸ਼ਾਸਨ ਨਾਲ ਸਾਂਝੇ ਕਰਨ।
ਈ.ਟੀ.ਓ. ਨੇ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਾਫ਼-ਸੁਥਰੇ ਅਤੇ ਸੁੰਦਰ ਪੰਜਾਬ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਦਾ। ਪੰਜਾਬ ਸਰਕਾਰ ਸੂਬੇ ਨੂੰ ਸਾਫ਼, ਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH