
ਅੰਮ੍ਰਿਤਸਰ, 31 ਅਗਸਤ (ਹਿੰ.ਸ.)| ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਮੁਖੀ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਹੋਰ ਅਧਿਕਾਰੀਆਂ ਨੇ ਸੇਵਾਮੁਕਤ ਮੁਲਾਜ਼ਮਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨ ਦਿੱਤਾ। ਸੇਵਾਮੁਕਤ ਹੋਣ ਵਾਲਿਆਂ ਵਿੱਚ ਮੈਨੇਜਰ ਇਕਬਾਲ ਸਿੰਘ ਮੁਖੀ ਤੋਂ ਇਲਾਵਾ ਸੁਪਰਵਾਈਜ਼ਰ ਦਲਜੀਤ ਸਿੰਘ ਅਤੇ ਸਹਾਇਕ ਸੁਪਰਵਾਈਜ਼ਰ ਜਗਜੀਤ ਸਿੰਘ ਸਮੇਤ ਹੋਰ ਕਰਮਚਾਰੀ ਸ਼ਾਮਲ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸੇਵਾਮੁਕਤ ਹੋਏ ਮੁਲਾਜ਼ਮਾਂ ਨੇ ਆਪਣੇ ਜ਼ਿੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਸਿੱਖ ਸੰਸਥਾ ਲਈ ਮਹੱਤਵਪੂਰਨ ਰਹੀਆਂ ਹਨ।
ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਉਹ ਭਵਿੱਖ ਵਿੱਚ ਵੀ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਆਪਣਾ ਸਹਿਯੋਗ ਦਿੰਦੇ ਰਹਿਣਗੇ। ਉਨ੍ਹਾਂ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਚੰਗੇਰੇ ਭਵਿੱਖ ਅਤੇ ਤੰਦਰੁਸਤੀ ਲਈ ਅਰਦਾਸ ਵੀ ਕੀਤੀ।
ਸਨਮਾਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਸਤਨਾਮ ਸਿੰਘ ਰਿਆੜ, ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ ਸਮੇਤ ਕਈ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਇਸ ਤੋਂ ਇਲਾਵਾ ਰਾਜਿੰਦਰ ਸਿੰਘ ਰੂਬੀ, ਸਤਿੰਦਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਜੋਗੇਸ਼ਵਰ ਸਿੰਘ, ਬਲਦੇਵ ਸਿੰਘ, ਹਰਜਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH