
ਚੰਡੀਗੜ੍ਹ, 04 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਪਾਰਟੀ ਨੇ ਹਮੇਸ਼ਾ ਨੌਜਵਾਨਾਂ, ਦਲਿਤਾਂ ਅਤੇ ਪਛੜੇ ਵਰਗ ਦੇ ਹਿੱਤਾਂ ਦੀ ਬਜਾਏ ਸਿਰਫ਼ ਵੋਟ ਬੈਂਕ ਦੀ ਰਾਜਨੀਤੀ ਕੀਤੀ ਹੈ। ਮੰਗਲਵਾਰ ਨੂੰ ਹਰਿਆਣਾ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚ ਨਜ਼ਰਅੰਦਾਜ਼ ਕਰਨਾ ਦਲਿਤ ਸਮਾਜ ਦਾ ਅਪਮਾਨ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਨਿੰਦਾ ਮਤੇ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਨੂੰ ਪਹਿਲਾਂ ਆਪਣੇ ਰਵੱਈਏ ਬਾਰੇ ਜਵਾਬ ਦੇਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਨੀਟ ਅਤੇ ਪੇਪਰ ਲੀਕ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਨੂੰਨ ਬਣਾਏ ਹਨ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਨੌਜਵਾਨ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਸੈਣੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਭਰਤੀ ਪ੍ਰਕਿਰਿਆਵਾਂ ਵਿੱਚ ਨਾ ਪਾਰਦਰਸ਼ਤਾ ਸੀ ਅਤੇ ਨਾ ਹੀ ਨੌਜਵਾਨਾਂ ਦੀ ਸੁਣਵਾਈ ਹੁੰਦੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਪੇਪਰ ਲੀਕ ਦੀਆਂ ਘਟਨਾਵਾਂ ਆਮ ਸਨ, ਜਦਕਿ ਮੌਜੂਦਾ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਮੈਰਿਟ ਆਧਾਰਿਤ ਅਤੇ ਪਾਰਦਰਸ਼ੀ ਬਣਾਇਆ ਹੈ।ਪੰਜਾਬ ਦੀਆਂ ਭਰਤੀ ਪ੍ਰੀਖਿਆਵਾਂ ਨੂੰ ਲੈ ਕੇ ਵੀ ਮੁੱਖ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਜਵਾਬ ਮੰਗਿਆ। ਉਨ੍ਹਾਂ ਕਿਹਾ ਕਿ ਫਾਰਮੇਸੀ ਪੇਪਰ ਲੀਕ ਅਤੇ ਹਾਲੀਆ ਭਰਤੀ ਨਤੀਜਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਪੁਰਾਣੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਅਜਿਹੇ ਮਾਮਲਿਆਂ 'ਤੇ ਉਨ੍ਹਾਂ ਦੀ ਚੁੱਪ ਉਨ੍ਹਾਂ ਦੀ ਕਥਨੀ ਅਤੇ ਕਰਨੀ ਵਿਚਲਾ ਫਰਕ ਦਰਸਾਉਂਦੀ ਹੈ।ਮੁੱਖ ਮੰਤਰੀ ਨੇ ਹਰਿਆਣਾ ਵਿੱਚ ਸਰਕਾਰੀ ਭਰਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਭਰਤੀ ਰੋਕੋ ਗੈਂਗ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਮੌਕੇ ਦਿੱਤੇ ਜਾ ਰਹੇ ਹਨ।ਕਾਮਨਵੈਲਥ ਖੇਡਾਂ ਵਿੱਚ ਹਰਿਆਣਾ ਦੇ ਖਿਡਾਰੀਆਂ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਸੈਣੀ ਨੇ ਦੱਸਿਆ ਕਿ ਤਗ਼ਮਾ ਜੇਤੂਆਂ ਦੇ ਸਨਮਾਨ ਲਈ ਜਲਦੀ ਹੀ ਵਿਸ਼ੇਸ਼ ਸਮਾਰੋਹ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਖੇਡ ਨੀਤੀ ਅਤੇ ਦੋ ਹਜ਼ਾਰ ਤੋਂ ਵੱਧ ਖੇਡ ਨਰਸਰੀਆਂ ਕਾਰਨ ਹਰਿਆਣਾ ਲਗਾਤਾਰ ਦੇਸ਼ ਨੂੰ ਵਧੀਆ ਖਿਡਾਰੀ ਦੇ ਰਿਹਾ ਹੈ।ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਜਾਂ ਕਰਮਚਾਰੀਆਂ ਨੂੰ ਉਸੇ ਜ਼ਿਲ੍ਹੇ ਜਾਂ ਉਸੇ ਅਹੁਦੇ 'ਤੇ ਮੁੜ ਤਾਇਨਾਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH