
ਫਾਜ਼ਿਲਕਾ, 04 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਮੁਹਾਰ ਖੀਵਾ ਤੱਕ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਲੰਬੇ ਸਮੇਂ ਤੋਂ ਚੱਲ ਰਹੀ ਸੜਕ ਦੀ ਮੰਗ ਪੂਰੀ ਹੋਣ ’ਤੇ ਖੁਸ਼ੀ ਪ੍ਰਗਟਾਈ।
ਵਿਧਾਇਕ ਸਵਨਾ ਨੇ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਕਾਫ਼ੀ ਸਮੇਂ ਤੋਂ ਇਸ ਸੜਕ ਨੂੰ ਨਵੀਂ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਇਸ ਮੰਗ ਨੂੰ ਪੂਰਾ ਕਰਦਿਆਂ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਮੁਹਾਰ ਸੋਨਾ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਉਨ੍ਹਾਂ ਦਾ ਸਮਾਂ ਵੀ ਬਚੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸੇ ਤਹਿਤ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਵਿਧਾਇਕ ਨੇ ਦੱਸਿਆ ਕਿ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ, ਖੇਡ ਸਟੇਡੀਅਮਾਂ, ਗਲੀਆਂ-ਨਾਲੀਆਂ ਨੂੰ ਪੱਕਾ ਕਰਨ, ਵਾਲੀਬਾਲ ਗਰਾਊਂਡ ਬਣਾਉਣ, ਛੱਪੜਾਂ ਦੇ ਆਧੁਨਿਕੀਕਰਨ ਅਤੇ ਨਵੀਨੀਕਰਨ ਤੋਂ ਇਲਾਵਾ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਕੰਮ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪਿੰਡ ਵਿੱਚ ਹੋਰ ਵਿਕਾਸ ਜਾਂ ਸੁਧਾਰ ਦੀ ਲੋੜ ਹੈ ਤਾਂ ਉਹ ਬੇਝਿਜਕ ਆਪਣੀਆਂ ਮੰਗਾਂ ਉਨ੍ਹਾਂ ਤੱਕ ਪਹੁੰਚਾਉਣ, ਤਾਂ ਜੋ ਲੋੜ ਅਨੁਸਾਰ ਹੋਰ ਵਿਕਾਸ ਕਾਰਜ ਕਰਵਾਏ ਜਾ ਸਕਣ।
ਇਸ ਮੌਕੇ ਬਲਾਕ ਪ੍ਰਧਾਨ ਕਰਨੈਲ ਸਿੰਘ, ਸਰਪੰਚ ਗੁਰਬਚਨ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਹਰਨੇਕ ਸਿੰਘ, ਸਾਬਕਾ ਸਰਪੰਚ ਰਾਜਿੰਦਰ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH