
ਚੰਡੀਗੜ੍ਹ, 04 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਹੈ ਕਿ ਆਜ਼ਾਦੀ ਦਿਵਸ-2026 ਮੌਕੇ ਸੂਬਾ ਸਰਕਾਰ ਵੱਲੋਂ 9 ਤੋਂ 17 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਪਹਿਲਾਂ ਨਾਲੋਂ ਵੱਧ ਵਿਆਪਕ ਅਤੇ ਲੋਕ ਭਾਗੀਦਾਰੀ ਨਾਲ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਘਰਾਂ 'ਤੇ ਤਿਰੰਗਾ ਲਹਿਰਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਰਾਸ਼ਟਰ ਭਗਤੀ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਜ਼ਾਦੀ ਦੇ ਮਹਾਨ ਬਲੀਦਾਨੀਆਂ ਨੂੰ ਯਾਦ ਕਰਨ ਦਾ ਇੱਕ ਜਨ ਅੰਦੋਲਨ ਬਣੇਗੀ।
ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਦੀ ਮੁਹਿੰਮ ਨੂੰ ਰਾਸ਼ਟਰ ਗੀਤ ‘ਵੰਦੇ ਮਾਤਰਮ’ ਦੀ ਰਚਨਾ ਦੇ 150 ਸਾਲ ਪੂਰੇ ਹੋਣ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਹੁਣ ਦੇਸ਼-ਵਿਆਪੀ ਜਨ ਅਭਿਆਨ ਬਣ ਚੁੱਕੀ ਹੈ ਅਤੇ ਇਸ ਵਾਰ ਹਰ ਪਿੰਡ, ਸ਼ਹਿਰ, ਵਾਰਡ ਅਤੇ ਘਰ ਤੱਕ ਇਸ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਸਰਕਾਰੀ ਵਿਭਾਗਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਉਦਯੋਗਾਂ, ਸਮਾਜਿਕ ਸੰਸਥਾਵਾਂ, ਯੁਵਾ ਕਲੱਬਾਂ ਅਤੇ ਸਵੈ-ਸੇਵੀ ਸੰਗਠਨਾਂ ਦੀ ਸਰਗਰਮ ਭਾਗੀਦਾਰੀ ਹੋਵੇਗੀ। ਸਕੂਲਾਂ ਅਤੇ ਕਾਲਜਾਂ ਵਿੱਚ ਰਾਸ਼ਟਰੀ ਝੰਡੇ ਅਤੇ ‘ਵੰਦੇ ਮਾਤਰਮ’ ਦੇ ਇਤਿਹਾਸ ਸਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਲੇਖ ਲੇਖਣ, ਭਾਸ਼ਣ, ਚਿੱਤਰਕਲਾ, ਪ੍ਰਸ਼ਨੋਤਰੀ ਅਤੇ ਦੇਸ਼ ਭਗਤੀ ਗੀਤ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ ਨਾਲ ਜੋੜਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਤਿਰੰਗਾ ਯਾਤਰਾਵਾਂ, ਬਾਈਕ ਅਤੇ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ, ਜਦਕਿ 9 ਅਗਸਤ ਨੂੰ ਮਹਿੰਦਰਗੜ੍ਹ ਵਿੱਚ ‘ਵੰਦੇ ਮਾਤਰਮ’ ਥੀਮ 'ਤੇ ਵਿਸ਼ੇਸ਼ ਤਿਰੰਗਾ ਕੰਸਰਟ ਕਰਵਾਇਆ ਜਾਵੇਗਾ। ਨਾਲ ਹੀ ਰੇਲਵੇ ਸਟੇਸ਼ਨਾਂ, ਪਾਰਕਾਂ, ਲਾਇਬ੍ਰੇਰੀਆਂ, ਸਕੂਲਾਂ ਅਤੇ ਹੋਰ ਜਨਤਕ ਥਾਵਾਂ 'ਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ‘ਸੈਲਫੀ ਵਿਦ ਤਿਰੰਗਾ’ ਡਿਜ਼ੀਟਲ ਮੁਹਿੰਮ ਰਾਹੀਂ ਲੋਕਾਂ ਨੂੰ ਹਰ ਘਰ ਤਿਰੰਗਾ ਪੋਰਟਲ ਨਾਲ ਜੋੜਿਆ ਜਾਵੇਗਾ।
ਮੁੱਖ ਮੰਤਰੀ ਨੇ ਕਾਮਨਵੈਲਥ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੇ 39 ਤਗਮੇ ਜਿੱਤ ਕੇ ਵਿਸ਼ਵ ਪੱਧਰ 'ਤੇ ਆਪਣੀ ਖੇਡ ਸਮਰੱਥਾ ਸਾਬਤ ਕੀਤੀ ਹੈ। ਉਨ੍ਹਾਂ ਖਾਸ ਤੌਰ 'ਤੇ ਮਾਣ ਪ੍ਰਗਟਾਇਆ ਕਿ ਇਨ੍ਹਾਂ ਵਿੱਚੋਂ 10 ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ ਅਤੇ 13 ਸੋਨ ਤਗਮਿਆਂ ਵਿੱਚੋਂ 7 ਸੋਨ ਤਗਮੇ ਵੀ ਹਰਿਆਣਾ ਦੇ ਹਿੱਸੇ ਆਏ ਹਨ, ਜਿਨ੍ਹਾਂ ਵਿੱਚੋਂ 5 ਸੋਨ ਤਗਮੇ ਸੂਬੇ ਦੀਆਂ ਧੀਆਂ ਨੇ ਜਿੱਤੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 14 ਅਗਸਤ ਨੂੰ ਸੂਬੇ ਭਰ ਵਿੱਚ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ ਗੁਰੂਗ੍ਰਾਮ ਵਿੱਚ ਰਾਜ ਪੱਧਰੀ ਸਮਾਗਮ ਹੋਵੇਗਾ, ਜਦਕਿ ਜ਼ਿਲ੍ਹਾ ਪੱਧਰ 'ਤੇ ਵੀ ਪ੍ਰੋਗਰਾਮ ਕਰਵਾਏ ਜਾਣਗੇ। ਵੰਡ ਦਾ ਦਰਦ ਸਹਿਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਕੈਂਡਲ ਮਾਰਚ ਤੇ ਪ੍ਰਦਰਸ਼ਨੀਆਂ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ‘ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਮੁਹਿੰਮ’ ਵੀ ਸ਼ੁਰੂ ਕੀਤੀ ਗਈ ਹੈ, ਜੋ 20 ਫਰਵਰੀ 2027 ਤੱਕ ਚੱਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਮਾਜ ਵਿੱਚ ਬਰਾਬਰੀ, ਸੇਵਾ, ਸਮਾਜਿਕ ਨਿਆਂ ਅਤੇ ਭਾਈਚਾਰੇ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਾਰੀਆਂ ਮੁਹਿੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਕੇ ਰਾਸ਼ਟਰੀ ਏਕਤਾ ਅਤੇ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH