
ਪਟਿਆਲਾ, 04 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਫਰੀਡਮ ਫਾਈਟਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚਲਾਈ ਜਾ ਰਹੀ ਸਪੈਸ਼ਲ ਗ੍ਰੀਵੈਂਸ ਰੈਡਰੈੱਸਲ ਡਰਾਈਵ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਪੈਂਡਿੰਗ ਪਏ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਫਰੀਡਮ ਫਾਈਟਰਾਂ ਦੇ ਨਾਮ ’ਤੇ ਸੜਕਾਂ, ਚੌਕਾਂ, ਡਿਸਪੈਂਸਰੀਆਂ, ਸਰਕਾਰੀ ਇਮਾਰਤਾਂ ਅਤੇ ਹੋਰ ਜਨਤਕ ਥਾਵਾਂ ਦੇ ਨਾਮਕਰਨ ਨਾਲ ਸਬੰਧਤ ਲੰਬਿਤ ਪ੍ਰਸਤਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਹੋਰ ਮਾਮਲਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।
ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਤਾਜ਼ਾ ਸਥਿਤੀ ਪੇਸ਼ ਕਰਨ ਅਤੇ ਨਿਯਮਾਂ ਅਨੁਸਾਰ ਇਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਮਾਮਲਿਆਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਨਾ ਹੋਵੇ।
ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਫਰੀਡਮ ਫਾਈਟਰਾਂ ਦੇ ਸਨਮਾਨ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ। ਜਿੱਥੇ ਵੀ ਪ੍ਰਸ਼ਾਸਨਿਕ ਜਾਂ ਤਕਨੀਕੀ ਪ੍ਰਵਾਨਗੀ ਦੀ ਲੋੜ ਹੋਵੇ, ਉਸ ਨੂੰ ਤੁਰੰਤ ਪੂਰਾ ਕਰਨ ਲਈ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕਰਨ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH