
ਬਠਿੰਡਾ, 04 ਅਗਸਤ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਜੇ ਕੋਈ ਵਿਅਕਤੀ ਜਾਂ ਸੰਸਥਾ ਪੰਥਕ ਮਾਮਲਿਆਂ, ਗੁਰੂ ਘਰ ਦੀ ਮਰਯਾਦਾ ਜਾਂ ਸਿੱਖ ਸੰਸਥਾਵਾਂ ਵਿੱਚ ਦਖ਼ਲਅੰਦਾਜ਼ੀ ਕਰੇਗੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਆਵਾਜ਼ ਵੀ ਉਠਾਏਗਾ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਲੋੜ ਪੈਣ ’ਤੇ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ।ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਦੀ ਸੰਗਤ ਸਿੱਖ ਧਰਮ ਦਾ ਪਵਿੱਤਰ ਅਤੇ ਰੂਹਾਨੀ ਸੰਕਲਪ ਹੈ। ਇਸ ਦੀ ਤੁਲਨਾ ਕਿਸੇ ਵੀ ਸਿਆਸੀ ਪਾਰਟੀ ਦੇ ਇਕੱਠ ਜਾਂ ਸਮਰਥਕਾਂ ਨਾਲ ਕਰਨਾ ਗੁਰੂ ਵੱਲੋਂ ਬਖ਼ਸ਼ੇ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਕੁਝ ਸਿਆਸੀ ਲੋਕ ਪੰਥਕ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰਦੇ ਆ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਹਰ ਸੰਸਥਾ ਅਤੇ ਅਹੁਦੇ ਦੀ ਆਪਣੀ ਮਰਯਾਦਾ ਹੁੰਦੀ ਹੈ। ਸਿਆਸੀ ਲੋਕ ਆਪਣੇ ਸੰਵਿਧਾਨਕ ਫਰਜ਼ ਨਿਭਾਉਣ, ਜਦਕਿ ਪੰਥਕ ਮਾਮਲਿਆਂ ਬਾਰੇ ਫ਼ੈਸਲੇ ਕਰਨ ਦਾ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਨਾਲ ਸਬੰਧਤ ਕਾਨੂੰਨ ਦੇ ਮਾਮਲੇ ਵਿੱਚ ਵੀ ਸਿੱਖ ਕੌਮ ਦਾ ਸਪੱਸ਼ਟ ਮਤ ਹੈ ਕਿ ਇਤਰਾਜ਼ਯੋਗ ਧਾਰਾਵਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ।ਜਥੇਦਾਰ ਨੇ ਕਿਹਾ ਕਿ ਨਗਰ ਕੀਰਤਨ ਅਤੇ ਹੋਰ ਪੰਥਕ ਪਰੰਪਰਾਵਾਂ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਪੂਰਨ ਸਤਿਕਾਰ ਨਾਲ ਸੇਵਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤੇ ਜੇ ਕਿਸੇ ਘਰ ਵਿੱਚ ਮਰਯਾਦਾ ਅਨੁਸਾਰ ਸੇਵਾ ਸੰਭਵ ਨਾ ਹੋਵੇ ਤਾਂ ਪਾਵਨ ਸਰੂਪ ਨੂੰ ਗੁਰਦੁਆਰਾ ਸਾਹਿਬ ਵਿਖੇ ਸਤਿਕਾਰ ਨਾਲ ਸੁਪੁਰਦ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਉਦੇਸ਼ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸੰਗਤ ਸ਼ਬਦ ਸਿੱਖ ਪਰੰਪਰਾ ਵਿੱਚ ਪਵਿੱਤਰ ਅਰਥ ਰੱਖਦਾ ਹੈ ਅਤੇ ਇਸ ਨੂੰ ਰਾਜਨੀਤਿਕ ਮਕਸਦਾਂ ਲਈ ਵਰਤਣਾ ਉਚਿਤ ਨਹੀਂ।ਉਨ੍ਹਾਂ ਕਿਹਾ ਕਿ ਪੰਥਕ ਫ਼ੈਸਲਿਆਂ ਦਾ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ ਅਤੇ ਇਸ ਅਧਿਕਾਰ ਨੂੰ ਰਾਜਨੀਤਿਕ ਸੰਸਥਾਵਾਂ ਵੱਲ ਲਿਜਾਣਾ ਪੰਥ ਦੀ ਸੁਤੰਤਰਤਾ ਲਈ ਖ਼ਤਰਾ ਹੈ। ਉਨ੍ਹਾਂ ਸੰਗਤਾਂ ਨੂੰ ਅਜਿਹੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਰਵਾਨਾ ਹੋਇਆ। ਇਸ ਤੋਂ ਪਹਿਲਾਂ ਸੰਗਤਾਂ ਨਾਲ ਧਾਰਮਿਕ ਵਿਚਾਰ ਸਾਂਝੇ ਕੀਤੇ ਗਏ ਅਤੇ ਅਰਦਾਸ ਉਪਰੰਤ ਮਾਰਚ ਦੀ ਸ਼ੁਰੂਆਤ ਹੋਈ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਮਾਰਚ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH