
ਅੰਮ੍ਰਿਤਸਰ, 04 ਅਗਸਤ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਮਾਮਲੇ ਵਿੱਚ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਰਨੈਲ ਸਿੰਘ ਪੀਰਮੁਹੰਮਦ ਅਤੇ ਇੱਕ ਵਿਧਾਇਕ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕਰ ਦਿੱਤਾ।
ਮੰਨਣ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਇੱਕ ਨਿੱਜੀ ਚੈਨਲ ਨਾਲ ਕੀਤਾ ਗਿਆ ਇਕਰਾਰਨਾਮਾ ਜੁਲਾਈ 2023 ਵਿੱਚ ਸਮਾਪਤ ਹੋ ਚੁੱਕਾ ਹੈ ਅਤੇ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਉਸ ਚੈਨਲ ਪ੍ਰਤੀ ਕੋਈ ਸਾਲਾਨਾ ਵਿੱਤੀ ਜ਼ਿੰਮੇਵਾਰੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਦੋਸ਼ ਲਗਾਉਣ ਤੋਂ ਪਹਿਲਾਂ ਸਹੀ ਜਾਣਕਾਰੀ ਲੈਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਾਲ 2023 ਵਿੱਚ ਸ਼੍ਰੋਮਣੀ ਕਮੇਟੀ ਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਕੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਆਰੰਭ ਕੀਤਾ ਸੀ। ਇਸ ਨਾਲ ਪਹਿਲਾਂ ਵਾਲਾ ਇਕਰਾਰਨਾਮਾ ਖਤਮ ਹੋ ਗਿਆ ਅਤੇ ਗੁਰਬਾਣੀ ਦੇ ਵੈੱਬ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ ਰਹੇ।
ਮੰਨਣ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਲਈ ਤਕਨੀਕੀ ਸੈਟਅੱਪ ਲਗਾਉਣ ਦੇ ਮਾਮਲੇ ਵਿੱਚ ਵੱਖ-ਵੱਖ ਕੰਪਨੀਆਂ ਨਾਲ ਗੱਲਬਾਤ ਹੋਈ ਸੀ, ਪਰ ਇੱਕ ਨਿੱਜੀ ਚੈਨਲ ਵੱਲੋਂ ਬਿਨਾਂ ਕਿਸੇ ਵਾਧੂ ਖਰਚੇ ਦੇ ਸੈਟਅੱਪ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਸਵੀਕਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਸਾਰਣ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੀ ਹਨ ਅਤੇ ਪਹਿਲਾਂ ਦੇ ਇਕਰਾਰਨਾਮੇ ਅਨੁਸਾਰ ਕੋਈ ਬਕਾਇਆ ਰਕਮ ਵੀ ਨਹੀਂ ਹੈ। ਉਨ੍ਹਾਂ ਅਪੀਲ ਕੀਤੀ ਕਿ ਸਿੱਖ ਸੰਸਥਾਵਾਂ ਦੇ ਪ੍ਰਬੰਧਾਂ ਨੂੰ ਰਾਜਨੀਤਿਕ ਵਿਵਾਦਾਂ ਦਾ ਹਿੱਸਾ ਨਾ ਬਣਾਇਆ ਜਾਵੇ ਅਤੇ ਸੰਗਤ ਵੀ ਅਜਿਹੇ ਭਰਮਾਉਣ ਵਾਲੇ ਦਾਅਵਿਆਂ ਤੋਂ ਸੁਚੇਤ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH